ਘਬਰਾਉਣ ਦੀ ਲੋੜ ਨਹੀਂ, ਕਰਫਿਊ ਦੀ ਪਾਲਣਾ ਯਕੀਨੀ ਬਣਾਈ ਜਾਵੇ : ਡਿਪਟੀ ਕਮਿਸ਼ਨਰ
*ਕਿਹਾ, ਪਿਛਲੇ 11 ਦਿਨਾਂ ਤੋਂ ਨਹੀਂ ਸਾਹਮਣੇ ਆਇਆ ਕੋਈ ਪੋਜ਼ੀਟਿਵ ਕੇਸ **ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਘਰਾਂ ‘ਚ ਰਹਿ ਕੇ ਹੀ ਮਨਾਉਣ ਦੀ ਕੀਤੀ ਅਪੀਲ
ਹੁਸ਼ਿਆਰਪੁਰ / 12 ਅਪ੍ਰੈਲ / ਏਨ ਏਸ ਬੀ ਨਿਉਜ
ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲਾ ਵਾਸੀਆਂ ਨੂੰ ਘਰਾਂ ਵਿੱਚ ਹੀ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਕਿਸੇ ਨੂੰ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ, ਬਲਕਿ ਕਰਫਿਊ ਦੀ ਪਾਲਣਾ ਕਰਦਿਆਂ ਘਰਾਂ ਵਿੱਚ ਹੀ ਰਹਿਣ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਜ਼ਿਲੇ ਵਿੱਚ ਪਿਛਲੇ 11 ਦਿਨਾਂ ਤੋਂ ਕੋਰੋਨਾ ਵਾਇਰਸ ਦਾ ਕੋਈ ਵੀ ਪੋਜ਼ੀਟਿਵ ਕੇਸ ਸਾਹਮਣੇ ਨਹੀਂ ਆਇਆ। ਉਨਾਂ ਕਿਹਾ ਕਿ ਜ਼ਿਲੇ ਦਾ ਇਕ ਕੇਸ ਜੋ ਅੰਮ੍ਰਿਤਸਰ ਤੋਂ ਪੋਜ਼ੀਟਿਵ ਆਇਆ ਸੀ, ਉਹ ਠੀਕ ਹੋ ਚੁੱਕਾ ਹੈ। ਇਸ ਲਈ ਕਿਸੇ ਵੀ ਤਰਾਂ ਦੀ ਘਬਰਾਹਟ ਵਿੱਚ ਆਉਣ ਦੀ ਬਜਾਏ ਜਾਗਰੂਕਤਾ ਅਤੇ ਸਾਵਧਾਨੀਆਂ ਵਰਤੀਆਂ ਜਾਣ।
ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਘਰ ਵਿਚ ਰਹਿ ਕੇ ਹੀ ਮਨਾਇਆ ਜਾਵੇ। ਉਨਾਂ ਕਿਹਾ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ 14 ਅਪ੍ਰੈਲ 2020 ਨੂੰ ਜ਼ਿਲੇ ਵਿੱਚ ਸਥਿਤ ਕਿਸੇ ਵੀ ਧਾਰਮਿਕ ਸਥਾਨ ਉਤੇ ਕਿਸੇ ਵੀ ਤਰਾਂ ਦਾ ਕੋਈ ਧਾਰਮਿਕ ਸਮਾਗਮ ਨਹੀਂ ਕਰਵਾਇਆ ਜਾਵੇਗਾ ਅਤੇ ਨਾ ਹੀ ਕਿਸੇ ਤਰਾਂ ਦਾ ਕੋਈ ਇਕੱਠ ਕਰਨ ਦੀ ਮਨਜ਼ੂਰੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਹ ਫ਼ੈਸਲਾ ਸੂਬਾ ਸਰਕਾਰ ਵਲੋਂ ਕੋਵਿਡ-19 ਦੇ ਮੱਦੇਨਜ਼ਰ ਕਿਸੇ ਤਰਾਂ ਦਾ ਇਕੱਠ ਨਾ ਕਰਨ ‘ਤੇ ਲਗਾਈ ਗਈ ਰੋਕ ਨੂੰ ਮੁੱਖ ਰੱਖਦਿਆ ਲਿਆ ਗਿਆ ਹੈ।
ਸ਼੍ਰੀਮਤੀ ਅਪਨੀਤ ਰਿਆਤ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਹ ਤਿਉਹਾਰ ਆਪੋ-ਆਪਣੇ ਘਰਾਂ ਵਿਚ ਰਹਿ ਕੇ ਹੀ ਸ਼ਰਧਾ ਭਾਵਨਾ ਨਾਲ ਮਨਾਉਣ। ਉਨਾਂ ਇਹ ਵੀ ਕਿਹਾ ਕਿ ਮੌਜੂਦਾ ਸਮੇਂ ਸਰਕਾਰ ਵਲੋਂ ਜੋ ਵੀ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ, ਉਹ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖ ਕੇ ਹੀ ਦਿੱਤੀਆਂ ਜਾ ਰਹੀਆਂ ਹਨ, ਇਸ ਲਈ ਪਾਲਣਾ ਯਕੀਨੀ ਬਣਾਈ ਜਾਵੇ। ਉਨਾਂ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪਣੀ ਸਬ-ਡਵੀਜ਼ਨ ਅਧੀਨ ਪੈਂਦੇ ਧਾਰਮਿਕ ਸਥਾਨਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਵਿਸਾਖੀ ਦੇ ਦਿਹਾੜੇ ‘ਤੇ ਇਕੱਠ ਨਾ ਕੀਤਾ ਜਾਵੇ, ਬਲਕਿ ਘਰਾਂ ਵਿੱਚ ਹੀ ਵਿਸਾਖੀ ਦਾ ਦਿਹਾੜਾ ਮਨਾਇਆ ਜਾਵੇ। ਉਨਾਂ ਜ਼ਿਲਾ ਵਾਸੀਆਂ ਵਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਪ ਨੂੰ ਸੁਰੱਖਿਅਤ ਰੱਖਣ ਲਈ ਹੀ ਕਰਫਿਊ ਲਗਾਇਆ ਗਿਆ ਹੈ, ਇਸ ਲਈ ਪਹਿਲਾਂ ਵਾਂਗ ਹੀ ਜ਼ਿਲਾ ਪ੍ਰਸਾਸ਼ਨ ਨੂੰ ਸਹਿਯੋਗ ਦਿੱਤਾ ਜਾਵੇ।