ਲੋਕਾਂ ਨੂੰ ਇਕੱਠ ਵਿਚ ਸ਼ਾਮਿਲ ਨਾ ਹੋਣ ਅਤੇ ਸਮਾਜਿਕ ਦੂਰੀ ਦੇ ਨੇਮਾਂ ਦੀ ਪਾਲਣਾ ਕਰਨ ਦੀ ਅਪੀਲ ਕੋਰੋਨਾ ਵਾਇਰਸ ‘ਤੇ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਵਲੋਂ ਜਾਗਰੂਕਤਾ ਮੁਹਿੰਮ ਦਾ ਆਗਾਜ਼

ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਮੋਬਾਈਲ ਵੈਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕਰਦੇ ਹੋਏ।
*5 ਦਿਨਾਂ ਜਾਗਰੂਕਤਾ ਮੁਹਿੰਮ ਦੇ ਤਹਿਤ ਮੋਬਾਈਲ ਵੈਨ ਜ਼ਰੀਏ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ **ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਨੇ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ
ਅੰਮ੍ਰਿਤਸਰ / 25 ਅਗਸਤ / ਨਿਊ ਸੁਪਰ ਭਾਰਤ ਨਿਊਜ
ਕੋਰੋਨਾ ਵਾਇਰਸ ਵਰਗੀ ਗੰਭੀਰ ਬੀਮਾਰੀ ਨੇ ਜਿੱਥੇ ਇਕ ਪਾਸੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ, ਉਥੇ ਦੂਜੇ ਪਾਸੇ ਭਾਰਤ ਸਰਕਾਰ ਵਲੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ਉੱਤੇ ਅਭਿਆਨ ਦਾ ਆਗਾਜ਼ ਕੀਤਾ ਜਾ ਚੁੱਕਿਆ ਹੈ। ਇਸੇ ਲੜੀ ਦੇ ਤਹਿਤ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਵੱਲੋਂ ਸ਼ਹਿਰ ਵਿਚ ਮੋਬਾਈਲ ਵੈਨ ਜ਼ਰੀਏ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਵੱਲੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਉੱਤੇ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਸੀ.ਐਮ.ਓ. ਨਵਦੀਪ ਸਿੰਘ ਵੀ ਮੌਜੂਦ ਸਨ।
ਮੋਬਾਈਲ ਵੈਨ ਨੂੰ ਹਰੀ ਝੰਡੀ ਵਿਖਾਉਣ ਤੋਂ ਬਾਅਦ ਖਹਿਰਾ ਨੇ ਕਿਹਾ ਕਿ ਇਹ ਇਕ ਚੰਗਾ ਉਪਰਾਲਾ ਹੈ ਅਤੇ ਇਸ ਮੁਹਿੰਮ ਦੇ ਜ਼ਰੀਏ ਲੋਕਾਂ ਨੂੰ ਘਰ ਬੈਠੇ ਜਾਗਰੂਕ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਲੋਕਾਂ ਦਾ ਘਰੋਂ ਨਿਕਲਣਾ ਸੁਰੱਖਿਅਤ ਨਹੀਂ ਹੈ, ਅਜਿਹੇ ਵਿਚ ਸਰਕਾਰ ਵੱਲੋਂ ਘਰ ਬੈਠੇ ਹੀ ਲੋਕਾਂ ਨੂੰ ਬਿਮਾਰੀ ਬਾਰੇ ਜਾਣਕਾਰੀ ਦੇਣਾ ਇੱਕ ਚੰਗਾ ਕਦਮ ਹੈ। ਉਨ੍ਹਾਂ ਵੱਲੋਂ ਉਮੀਦ ਪ੍ਰਗਟਾਈ ਗਈ ਕਿ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੇ ਜ਼ਰੀਏ ਕੰਟੇਨਮੈਂਟ ਜ਼ੋਨ ਵਿੱਚ ਰਹਿੰਦੇ ਲੋਕਾਂ ਸਣੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਵਿਚ ਕਾਫੀ ਮਦਦ ਮਿਲੇਗੀ। ਇਸਦੇ ਨਾਲ ਹੀ ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਅਤੇ ਸੀ.ਐਮ.ਓ. ਨਵਦੀਪ ਸਿੰਘ ਨੇ ਵੀ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਜਾਣਕਾਰੀ ਦਿੰਦਿਆਂ ਆਈ. ਬੀ. ਮਿਨੀਸਟਰੀ ਦੇ ਅਧਿਕਾਰੀ ਗੁਰਮੀਤ ਸਿੰਘ ਨੇ ਕਿਹਾ ਕਿ ਜਦੋਂ ਕੋਰੋਨਾ ਵਾਇਰਸ ਦੇਸ਼ ਭਰ ਵਿਚ ਆਪਣੇ ਪੈਰ ਪਸਾਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਅਜਿਹੇ ਸਮੇਂ ਵਿੱਚ ਲੋਕਾਂ ਨੂੰ ਇਸ ਬਾਰੇ ਵੇਰਵੇ ਸਣੇ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਭਾਰਤ ਵਿਚ ਪੈਦਾ ਹੋਈ ਬਿਮਾਰੀ ਨਹੀਂ ਹੈ ਸਗੋਂ ਇਹ ਵਿਦੇਸ਼ ਤੋਂ ਭਾਰਤ ਵਿੱਚ ਆਈ ਹੈ। ਇਸ ਕਰਕੇ ਵਿਦੇਸ਼ ਤੋਂ ਆਏ ਲੋਕਾਂ ਦੇ ਸੰਪਰਕ ਵਿੱਚ ਨਾ ਆਉਣ ਦੀ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ। ਇਸਦੇ ਨਾਲ ਹੀ ਓਹਨਾਂ ਕਿਹਾ ਕਿ ਵੱਧ ਤੋਂ ਵੱਧ ਹੱਥ ਸਾਫ ਰੱਖ ਕੇ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੇ ਨਾਲ ਕੁਝ ਹੋਰ ਸਾਵਧਾਨੀਆਂ ਵਰਤ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਆਈ.ਬੀ. ਮਿਨੀਸਟਰੀ ਦੇ ਅਧਿਕਾਰੀ ਨੇ ਕਿਹਾ ਕਿ ਭਾਰਤ ਸਰਕਾਰ ਦੀ ਸੱਭ ਤੋਂ ਪਹਿਲੀ ਪ੍ਰਾਥਮਿਕਤਾ ਦੇਸ਼ ਦੇ ਲੋਕਾਂ ਦੀ ਸਿਹਤ ਹੈ ਅਤੇ ਇਸੇ ਦੇ ਮੱਦੇਨਜ਼ਰ ਭਾਰਤ ਸਰਕਾਰ ਵਲੋਂ ਵੱਡੇ ਪੱਧਰ ‘ ਤੇ ਜਾਗਰੂਕਤਾ ਅਭਿਆਨ ਦਾ ਆਗਾਜ਼ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਕੋਰੋਨਾ ਵਾਇਰਸ ਮਹਾਮਾਰੀ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ਤੇ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ ਟੀ.ਵੀ., ਰੇਡੀਓ ਅਤੇ ਹੋਰ ਸੰਚਾਰ ਦੇ ਸਾਧਨਾਂ ਤੋਂ ਇਲਾਵਾ ਜ਼ਮੀਨੀ ਪੱਧਰ ਉੱਤੇ ਗਲੀ-ਮੁਹੱਲਿਆਂ ਵਿੱਚ ਜਾ ਕੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਵਿੱਚ ਇਸ ਅਭਿਆਨ ਦੇ ਪਹਿਲੇ ਦਿਨ ਸ਼ਹਿਰ ਦੇ ਗ੍ਰੀਨ ਅਵੇਨਿਊ ਤੇ ਹੋਰਨਾਂ ਇਲਾਕਿਆਂ ਵਿਚ ਮੋਬਾਈਲ ਵੈਨ ਜ਼ਰੀਏ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਪੰਜ ਦਿਨਾਂ ਜਾਗਰੂਕਤਾ ਮੁਹਿੰਮ ਦੇ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਮਹਾਮਾਰੀ ਤੋਂ ਬਚਣ ਲਈ ਨਾ ਸਿਰਫ ਸਮਾਜਿਕ ਦੂਰੀ ਦੀ ਪਾਲਣਾ ਦੀ ਅਪੀਲ ਕੀਤੀ ਗਈ ਬਲਕਿ ਬਿਮਾਰੀ ਤੋਂ ਬਚਣ ਲਈ ਉਚਿਤ ਢੰਗ ਅਪਨਾਉਣ ਅਤੇ ਸਰਕਾਰ ਦੀ ਗਾਈਡਲਾਈਨਜ਼ ਨੂੰ ਤਨਦੇਹੀ ਨਾਲ ਮੰਨਣ ਦਾ ਸੁਨੇਹਾ ਦਿੱਤਾ ਗਿਆ। ਇਸ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਕੋਰੋਨਾ ਬਾਰੇ ਜੋ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ ਉਸ ਨੂੰ ਆਪਣੇ ਪਰਿਵਾਰ, ਦੋਸਤਾਂ ਅਤੇ ਮਿੱਤਰਾਂ ਨੂੰ ਵੱਧ ਤੋਂ ਵੱਧ ਸਾਂਝਾ ਕਰੋ।
ਇਸ ਮੌਕੇ ਲੋਕਾਂ ਨੂੰ ਕੇਂਦਰ ਸਰਕਾਰ ਦੇ ਇੱਕ ਹੈਲਪਲਾਈਨ ਨੰਬਰ 011-23978046 ਬਾਰੇ ਵੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜੇ ਓਹਨਾਂ ਦੀ ਜਾਣਕਾਰੀ ਵਿਚ ਕੋਈ ਕੋਰੋਨਾ ਵਾਇਰਸ ਦਾ ਪੀੜਤ ਹੈ ਤਾਂ ਇਸਦੀ ਜਾਣਕਾਰੀ ਫੌਰੀ ਤੌਰ ‘ਤੇ ਇਸ ਨੰਬਰ ਉੱਤੇ ਸਾਂਝੀ ਕੀਤੀ ਜਾਵੇ, ਜਿਸ ਤੋਂ ਬਾਅਦ ਉਕਤ ਵਿਅਕਤੀ ਦੀ ਜਾਂਚ ਕਰਨ ਦੇ ਨਾਲ ਨਾਲ ਲੋੜ ਪੈਣ ‘ਤੇ ਪ੍ਰੋਟੋਕੋਲ ਦੇ ਮੱਦੇਨਜ਼ਰ ਇਲਾਜ ਕੀਤਾ ਜਾਵੇਗਾ। ਬਹਿਰਹਾਲ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਇਸ ਅਭਿਆਨ ਦਾ ਮਕਸਦ ਦੇਸ਼ ਦੇ ਹਰ ਨਾਗਰਿਕ ਵਿਚ ਕੋਰੋਨਾ ਬਾਰੇ ਜਾਗਰੂਕਤਾ ਫੈਲਾਉਣਾ ਹੈ। ਹਾਲਾਂਕਿ ਅੰਮ੍ਰਿਤਸਰ ਵਿਚ ਇਹ ਅਭਿਆਨ ਪੰਜ ਦਿਨਾਂ ਲਈ ਚਲੇਗਾ, ਪਰ ਦੇਸ਼ ਭਰ ਵਿਚ ਇਹ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤਕ ਇਸ ਬਿਮਾਰੀ ‘ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾਂਦਾ।