ਕੋਰੋਨਾ ਬਿਮਾਰੀ ਮੱਦੇਨਜ਼ਰ ਕੋਈ ਵੀ ਅਧਿਕਾਰੀ ਸਟੇਸ਼ਨ ਨਹੀਂ ਛੱਡੇਗਾ- ਡੀ.ਸੀ
ਫ਼ਰੀਦਕੋਟ / 21 ਅਗਸਤ / ਨਿਊ ਸੁਪਰ ਭਾਰਤ ਨਿਊਜ
ਜ਼ਿਲੇ ‘ਚ ਰੋਜ਼ਾਨਾ ਕੋਰੋਨਾ ਮਹਾਂਮਾਰੀ ਨਾਲ ਪੀੜਤ ਮਰੀਜ਼ਾਂ ਵਿਚ ਵਾਧਾ ਹੋਣ ਕਾਰਣ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਨੇ ਜ਼ਿਲੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਬਿਨਾਂ ਪ੍ਰਵਾਨਗੀ ਦੇ ਸਟੇਸ਼ਨ ਨਾ ਛੱਡਣ ਦੀ ਹਦਾਇਤ ਕੀਤੀ ਹੈ।
ਉਨਾਂ ਕਿਹਾ ਕਿ ਬਦਲ ਰਹੇ ਹਲਾਤਾਂ ਕਾਰਣ ਕਿਸੇ ਵੀ ਅਧਿਕਾਰੀ ਦੀ ਜਰੂਰਤ ਪੈ ਸਕਦੀ ਹੈ।ਇਸ ਲਈ ਸਾਰੇ ਅਧਿਕਾਰੀ ਆਪਣੀ ਡਿਊਟੀ ਲਈ ਤਿਆਰ ਰਹਿਣ। ਇਸ ਦੇ ਨਾਲ ਹੀ ਉਨਾਂ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਕਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਆਪਣੇ ਆਪਣੇ ਵਿਭਾਗਾਂ ਦੇ ਕਰਮਚਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਕਿ ਉਹ ਦਫਤਰੀ ਸਮੇਂ ਦੌਰਾਨ ਮਾਸਕ, ਸੈਨੇਟਾਈਜ਼ਰ ਦੀ ਵਰਤੋਂ ਕਰਨ ਅਤੇ ਆਪਣੇ ਆਪਣੇ ਵਿਭਾਗ ਵਿੱਚ ਆਪਣੇ ਨਿੱਜੀ ਕੰਮ ਆਉਂਦੇ ਲੋਕਾਂ, ਵਿਅਕਤੀਆਂ ਨੂੰ ਵੀ ਮਾਸਕ ਲਗਾਉਣ, ਸਮਾਜਿਕ ਦੂਰੀ ਦੇ ਨਿਯਮ ਅਤੇ ਸਮੇਂ ਸਮੇਂ ਤੇ ਹੱਥ ਧੋਣ ਲਈ ਪ੍ਰੇਰਿਤ ਕਰਨ ਤਾਂ ਜੋ ਕਰੋਨਾ ਮਹਾਂਮਾਰੀ ਤੇ ਜਲਦੀ ਤੋਂ ਜਲਦੀ ਕਾਬੂ ਪਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਮਹਾਂਮਾਰੀ ਦੇ ਵੱਧਦੇ ਪ੍ਰਕੋਪ ਤੇ ਕਾਬੂ ਪਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਦਾ ਸਹਿਯੋਗ ਦੇਣ ਅਤੇ ਜ਼ਰੂਰੀ ਕੰਮ ਪੈਣ ਤੇ ਹੀ ਆਪਣੇ ਘਰਾਂ ਤੋਂ ਬਾਹਰ ਨਿਕਲਣ। ਉਨਾਂ ਕਿਹਾ ਕਿ ਸਿਹਤ ਵਿਭਾਗ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਕੇ ਹੀ ਅਸੀਂ ਇਸ ਮਹਾਂਮਾਰੀ ਤੇ ਫਤਿਹ ਪ੍ਰਾਪਤ ਕਰ ਸਕਦੇ ਹਾਂ।