May 13, 2025

ਕੈਬਨਿਟ ਮੰਤਰੀ ਅਰੋੜਾ ਨੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼: ਬਰਸਾਤਾਂ ਦੌਰਾਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਚੁੱਕੇ ਜਾਣ ਪੁਖਤਾ ਕਦਮ

0

*ਸਿਵਲ ਹਸਪਤਾਲ ‘ਚ ਲੱਗੀ ਅਫਰੈਸਿਸ ਮਸ਼ੀਨ, ਦਵਾਈਆਂ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਿਹਾ **ਕਮਿਸ਼ਨਰ ਨਗਰ ਨਿਗਮ ਨੂੰ ਸ਼ਹਿਰ ਦੇ ਨਾਲਿਆਂ ਦੀ ਸਫ਼ਾਈ, ਪਾਣੀ ਦੀਆਂ ਪਾਈਪ ਲਾਈਨਾਂ ਦੀ ਚੈਕਿੰਗ ਅਤੇ ਕਲੋਰਿਨ ਦੇ ਪ੍ਰਬੰਧਾਂ ਸਬੰਧੀ ਦਿੱਤੇ ਨਿਰਦੇਸ਼ **ਕੰਕਰੀਟ ਨਾਲ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਕਾਰਜ ਜਾਰੀ ਰੱਖਣ ਅਤੇ ਲੁੱਕ ਤੋਂ ਬਣਨ ਵਾਲੀਆਂ ਸੜਕਾਂ ਨੂੰ ਬਰਸਾਤਾਂ ਤੋਂ ਬਾਅਦ ਸ਼ੁਰੂ ਕਰਨ ਦੇ ਦਿੱਤੇ ਨਿਰਦੇਸ਼ **ਕਿਹਾ, ਹੁਸ਼ਿਆਰਪੁਰ ਵਾਸੀਆਂ ਲਈ ਸੁਵਿਧਾਵਾਂ ਪੱਖੋਂ ਨਹੀਂ ਰਹਿਣ ਦਿੱਤੀ ਜਾਵੇਗੀ ਕੋਈ ਕਮੀ

ਹੁਸ਼ਿਆਰਪੁਰ / 13 ਜੁਲਾਈ / ਨਿਊ ਸੁਪਰ ਭਾਰਤ ਨਿਊਜ

ਉਦਯੋਗ ਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਜ਼ਿਲੇ ਦੇ ਅਧਿਕਾਰੀਆਂ ਨੂੰ ਜਿਥੇ ਬਰਸਾਤਾਂ ਦੌਰਾਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਪੁਖਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ, ਉਥੇ ਸ਼ਹਿਰ ਵਿੱਚ ਨਾਲਿਆਂ ਦੀ ਸਫ਼ਾਈ ਸੁਚਾਰੂ ਢੰਗ ਨਾਲ ਕਰਵਾਉਣ ਲਈ ਵੀ ਕਿਹਾ। ਉਨਾਂ ਕਿਹਾ ਕਿ ਕੁਝ ਦਿਨਾਂ ਬਾਅਦ ਉਨਾਂ ਵਲੋਂ ਕੀਤੇ ਗਏ ਕੰਮਾਂ ਦਾ ਨਿਰੀਖਣ ਵੀ ਕੀਤਾ ਜਾਵੇਗਾ। ਸ੍ਰੀ ਅਰੋੜਾ ਨੇ ਕਿਹਾ ਕਿ ਬਰਸਾਤਾਂ ਦੌਰਾਨ ਡੇਂਗੂ, ਮਲੇਰੀਆ, ਚਿਕਨਗੂਨੀਆ ਅਤੇ ਹੈਜਾ ਵਰਗੀਆਂ ਬੀਮਾਰੀਆਂ ਦੀ ਰੋਕਥਾਮ ਲਈ ਉਚਿਤ ਪ੍ਰਬੰਧ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਕਿਸੇ ਤਰਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਡਿਪਟੀ ਕਮਿਸ਼ਨਰ ਨੂੰ ਸਿਵਲ ਹਸਪਤਾਲ ਵਿੱਚ ਲੱਗੀ ਅਫਰੈਸਿਸ ਮਸ਼ੀਨ (ਬਲੱਡ ਤੋਂ ਪਲੇਟਲੈਟਸ ਕੱਢਣ ਵਾਲੀ ਮਸ਼ੀਨ), ਦਵਾਈਆਂ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕਿਹਾ, ਤਾਂ ਜੋ ਲੋਕਾਂ ਨੂੰ ਹਸਪਤਾਲ ਤੋਂ ਸਾਰੀਆਂ ਸੁਵਿਧਾਵਾਂ ਮਿਲ ਸਕਣ।

ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਦੇ ਸਾਰੇ ਇਲਾਕਿਆਂ ਵਿੱਚ ਵਾਟਰ ਸਪਲਾਈ ਦੀਆਂ ਪਾਈਪਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਯਕੀਨੀ ਬਣਾਇਆ ਜਾਵੇ ਕਿ ਕਿਤੇ ਵੀ ਪਾਣੀ ਦੀ ਪਾਈਪ ਲੀਕ ਨਾ ਹੁੰਦੀ ਹੋਵੇ। ਉਨਾਂ ਕਿਹਾ ਕਿ ਪਿਛਲੇ ਸਾਲ ਸ਼ਹਿਰ ਦੇ ਹਾਟ ਸਪਾਟ (ਹੈਜਾ ਪ੍ਰਭਾਵਿਤ) ਇਲਾਕਿਆਂ ਦਾ ਦੌਰਾ ਕਰਕੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਤੇ ਵੀ ਸੀਵਰੇਜ਼ ਦਾ ਪਾਣੀ ਵਾਟਰ ਸਪਲਾਈ ਨਾਲ ਮਿਕਸ ਨਾ ਹੁੰਦਾ ਹੋਵੇ। ਉਨਾਂ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਗਤੀਵਿਧੀਆਂ ਚਲਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਸ਼ਹਿਰ ਵਾਸੀਆਂ ਨੂੰ ਇਨਾਂ ਬੀਮਾਰੀਆਂ ਤੋਂ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਸ਼ਹਿਰ ਵਿੱਚ ਸਪਲਾਈ ਹੋਣ ਵਾਲੇ ਪਾਣੀ ਵਿੱਚ ਕਲੋਰਿਨ ਪਾਉਣ ਦੇ ਨਾਲ-ਨਾਲ ਸਹੀ ਮਾਤਰਾ ਵਿੱਚ ਇਸ ਦੀ ਉਪਲਬੱਧਤਾ ਵੀ ਯਕੀਨੀ ਬਣਾਈ ਜਾਵੇ।

ਕੈਬਨਿਟ ਮੰਤਰੀ ਨੇ ਕਮਿਸ਼ਨਰ ਨਗਰ ਨਿਗਮ ਨੂੰ ਨਿਰਦੇਸ਼ ਦਿੱਤੇ ਕਿ ਸ਼ਹਿਰ ਦੇ ਨਾਲਿਆਂ ਦੀ ਸਫ਼ਾਈ ਸਹੀ ਤਰੀਕੇ ਨਾਲ ਕਰਵਾਈ ਜਾਵੇ। ਉਨਾਂ ਕਿਹਾ ਕਿ ਨਾਲਿਆਂ ਦੀ ਸਫ਼ਾਈ ਲਈ ਜੋ ਨਿਰਧਾਰਤ ਸ਼ਰਤਾਂ ਹਨ, ਉਨਾਂ ਦੀ ਪੂਰੀ ਪਾਲਣਾ ਕਰਵਾਈ ਜਾਵੇ। ਉਨਾਂ ਕਿਹਾ ਕਿ ਸ਼ਹਿਰ ਨੂੰ ਸਾਫ਼ ਸੁਥਰਾ ਬਣਾਉਣ ਵਿੱਚ ਕੋਈ ਕਸਰ ਨਾ ਛੱਡੀ ਜਾਵੇ। ਉਨਾਂ ਅਧਿਕਾਰੀਆਂ ਨੂੰ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਹੋਰ ਬੇਹਤਰ ਬਣਾਉਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਨਾਂ ਨੂੰ ਹਰ ਜ਼ਰੂਰੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਹੁਸ਼ਿਆਰਪੁਰ ਵਾਸੀਆਂ ਲਈ ਸੁਵਿਧਾਵਾਂ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਾਲਿਆਂ ਦੀ ਸਫ਼ਾਈ ਦੌਰਾਨ ਰੋਜ਼ਾਨਾ ਨਿਰੀਖਣ ਕੀਤਾ ਜਾਵੇ। ਉਨਾਂ ਸਪੱਸ਼ਟ ਕੀਤਾ ਕਿ ਕੰਮ ਦੌਰਾਨ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕੈਬਨਿਟ ਮੰਤਰੀ ਨੇ ਸ਼ਹਿਰ ਦੀ ਕੰਕਰੀਟ ਤੋਂ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਨੂੰ ਜਾਰੀ ਰੱਖਦੇ ਹੋਏ ਇਸ ਦਾ ਕੰਮ ਸਮੇਂ ਸਿਰ ਪੂਰਾ ਕਰਨ ਲਈ ਕਿਹਾ। ਉਨਾਂ ਲੁੱਕ ਨਾਲ ਬਣਨ ਵਾਲੀਆਂ ਸੜਕਾਂ ਦੇ ਨਿਰਮਾਣ ਨੂੰ ਰੋਕਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਬਰਸਾਤ ਖਤਮ ਹੋਣ ਤੋਂ ਬਾਅਦ ਇਨਾਂ ਸੜਕਾਂ ਦਾ ਨਿਰਮਾਣ ਕਾਰਜ਼ ਸ਼ੁਰੂ ਕੀਤਾ ਜਾਵੇ।  

Leave a Reply

Your email address will not be published. Required fields are marked *