ਮਿਸ਼ਨ ਫਤਿਹ ਤਹਿਤ ਇਕਜੁਟਤਾ ਨਾਲ ਕੋਰੋਨਾ ’ਤੇ ਪਾਈ ਜਾ ਸਕਦੀ ਹੈ ਫਤਿਹ : ਅਰੋੜਾ
ਹੁਸ਼ਿਆਰਪੁਰ / 31 ਜੁਲਾਈ / ਨਿਊ ਸੁਪਰ ਭਾਰਤ ਨਿਊਜ
ਲੋਕਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਜ਼ਿਲ੍ਹੇ ਵਿੱਚ ਕੋਰੋਨਾ ਦੇ ਫੈਲਾਅ ’ਤੇ ਕਾਫ਼ੀ ਹੱਦ ਤੱਕ ਕੰਟਰੋਲ ਕਰ ਲਿਆ ਹੈ, ਇਸ ਲਈ ਹੁਣ ਤੱਕ ਹੁਸ਼ਿਆਰਪੁਰ ਵਿੱਚ ਸਥਿਤੀ ਕੰਟਰੋਲ ਹੇਠ ਹੈ। ਇਸ ਦੇ ਲਈ ਜ਼ਿਲ੍ਹੇ ਦੇ ਸਾਰੇ ਵਿਭਾਗ ਸ਼ਲਾਘਾ ਦੇ ਪਾਤਰ ਹਨ, ਜਿਨ੍ਹਾਂ ਦਿਨ-ਰਾਤ ਮਿਹਨਤ ਕਰਕੇ ਕੋਰੋਨਾ ਵਾਇਰਸ ਦਾ ਕਮਿਊਨਿਟੀ ਟਰਾਂਸਮਿਸ਼ਨ ਨਹੀਂ ਹੋਣ ਦਿੱਤਾ। ਇਹ ਵਿਚਾਰ ਉਦਯੋਗ ਅਤੇ ਵਣਜ ਮੰਤਰੀ ਪੰਜਾਬ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਹਰ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਿਸੇ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਪ੍ਰਸ਼ਾਸ਼ਨ ਨੇ ਟੀਮ ਵਰਕ ਦੇ ਤੌਰ ’ਤੇ ਕੰਮ ਕੀਤਾ ਹੈ, ਜਿਸ ਦੇ ਕਾਰਨ ਸਾਡੀ ਸਥਿਤੀ ਹੋਰ ਜ਼ਿਲਿ੍ਹਆਂ ਦੇ ਮੁਕਾਬਲੇ ਕਾਫ਼ੀ ਚੰਗੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸਾਨੂੰ ਅੱਗੇ ਵੀ ਆਪਣੀ ਜਿੰਮੇਵਾਰੀ ਨੂੰ ਸੰਭਾਲਦੇ ਹੋਏ ਮਿਸ਼ਨ ਫਤਿਹ ਤਹਿਤ ਕੋਰੋਨਾ ਵਾਇਰਸ ’ਤੇ ਇਕਜੁਟਤਾ ਨਾਲ ਫਤਿਹ ਪਾਉਣੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ-19 ਦੇ ਵਧੇਰੇ ਟੈਸਟ ਨੈਗੇਟਿਵ ਆ ਰਹੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਰਿਕਵਰੀ ਰੇਟ ਵੀ ਕਾਫ਼ੀ ਚੰਗਾ ਹੈ। ਉਨ੍ਹਾਂ ਦੱਸਿਆ ਕਿ ਕੋਵਿਡ-19 ਨੂੰ ਲੈ ਕੇ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ 211 ਆਕਸੀਜਨ ਵਾਲੇ ਬੈਡ ਉਪਲਬੱਧ ਹਨ, ਜਦਕਿ ਪ੍ਰਾਈਵੇਟ ਵਿੱਚ ਇਸ ਤਰ੍ਹਾਂ ਦੇ 1628 ਬੈਡ ਹਨ। ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਪ੍ਰਾਈਵੇਟ ਹਸਪਤਾਲਾਂ ਵਿੱਚ 13 ਆਈ.ਸੀ.ਯੂ.ਯੂਨਿਟ ਹਨ, ਜਿਸ ਵਿੱਚ 10 ਵੈਂਟੀਲੇਟਰ ਬੈਡ ਉਪਲਬੱਧ ਹਨ।
ਕੈਬਨਿਟ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕੋਰੋਨਾ ਵਾਇਰਸ ਦੇ ਨਾਲ-ਨਾਲ ਡੇਂਗੂ ਅਤੇ ਮਲੇਰੀਆਂ ਤੋਂ ਲੋਕਾਂ ਦੇ ਬਚਾਉਣ ਲਈ ਵੀ ਲਗਾਤਾਰ ਕੰਮ ਕਰਨ ਲਗਾਤਾਰ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਲਗਾਤਾਰ ਡੇਂਗੂ ਸਰਵੇ ਕਰਵਾਉਦੇ ਰਹਿਣ ਅਤੇ ਲੋਕਾਂ ਨੂੰ ਡੇਂਗੂ ਅਤੇ ਮਲੇਰੀਆਂ ਤੋਂ ਬਚਾਅ ਲਈ ਜਾਗਰੂਕ ਵੀ ਕਰਨ। ਉਨ੍ਹਾਂ ਸਿਹਤ ਵਿਭਾਗ ਨੂੰ ਸਿਵਲ ਹਸਪਤਾਲ ਵਿੱਚ ਬਰਸਾਤਾਂ ਦੌਰਾਨ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਲਈ ਦਵਾਈਆਂ ਰੱਖਣ ਦੇ ਵੀ ਨਿਰਦੇਸ਼ ਦਿੱਤੇ, ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਾਟਸਟਾਪ ਇਲਾਕਿਆਂ ਵਿੱਚ ਲੋਕਾਂ ਨੂੰ ਕੋਲੋਰਿਨ ਦੀਆਂ ਗੋਲੀਆਂ ਵੀ ਵੰਡੀਆਂ ਜਾਣ ਅਤੇ ਉਨ੍ਹਾਂ ਨੂੰ ਜਾਗਰੂਕ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਸਿਹਤ ਵਿਭਾਗ ਸਾਂਝੇ ਤੌਰ ’ਤੇ ਸ਼ਹਿਰ ਦੇ ਸਾਰੇ ਵਾਰਡਾਂ ਅਤੇ ਇਲਾਕਿਆਂ ਵਿੱਚ ਫੌਗਿੰਗ ਨੂੰ ਯਕੀਨੀ ਬਣਾਵੇ। ਇਸ ਦੌਰਾਨ ਉਹ ਮੁਹੱਲਾ ਕਮੇਟੀਆਂ ਅਤੇ ਸੋਸਾਇਟੀਆਂ ਦਾ ਵੀ ਸਹਿਯੋਗ ਲੈਣ। ਸ੍ਰੀ ਅਰੋੜਾ ਨੇ ਇਸ ਦੌਰਾਨ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਉਹ ਇਕ ਟੀਮ ਬਣਾ ਕੇ ਰੋਜ਼ਾਨਾ ਮੰਡੀਆਂ ਵਿੱਚ ਫ਼ਲ ਅਤੇ ਸਬਜੀਆਂ ਦੀ ਚੈਕਿੰਗ ਕਰਵਾਉਣ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਫ਼ਲ ਜਾਂ ਸਬਜ਼ੀ ਵਿਕਰੇਤਾ ਗਲੀ-ਸੜੀ ਸਬਜ਼ੀ ਨਾ ਵੇਚਦਾ ਹੋਵੇ, ਜੇਕਰ ਕੋਈ ਵੀ ਘਟੀਆ ਪੱਧਰ ਦੀ ਖਾਦ ਸਮੱਗਰੀ ਵੇਚਦਾ ਹੈ, ਤਾਂ ਉਸ ’ਤੇ ਕਾਰਵਾਈ ਕੀਤੀ ਜਾਵੇ।

ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਮਿਸ਼ਨਰ ਨਗਰ ਨਿਗਮ ਨੂੰ ਇਕ ਹਫ਼ਤੇ ਅੰਦਰ ਸ਼ਹਿਰ ਦੇ ਨਾਲਿਆਂ ਦੀ ਪੂਰੀ ਸਫ਼ਾਈ ਕਰਵਾਉਣ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਸ਼ਹਿਰ ਵਿੱਚ ਸਾਰੇ ਟਿਊਬਵੈਲਾਂ ਵਿੱਚ ਡੋਜ਼ਰ ਲਗਾਏ ਜਾਣੇ ਯਕੀਨੀ ਬਣਾਏ ਜਾਣ, ਤਾਂ ਜੋ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਹੋ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਾਟ ਸਟਾਪ ਇਲਾਕਿਆਂ (ਜਿਨ੍ਹਾਂ ਇਲਾਕਿਆਂ ਵਿੱਚ ਪਿਛਲੇ ਸਾਲ ਡਾਇਰਿਆ ਫੈਲਿਆ ਸੀ), ਜਿਸ ਵਿੱਚ ਮੁਹੱਲਾ ਕਮਾਲਪੁਰ ਮੁੱਖ ਸੀ, ਦੀ ਪਾਣੀ ਦੀ ਪਾਈਪ ਨੂੰ ਦੁਬਾਰਾ ਚੈਕ ਕਰਵਾਇਆ ਜਾਵੇ। ਇਸ ਦੌਰਾਨ ਉਨ੍ਹਾਂ ਬਰਸਾਤਾਂ ਵਿੱਚ ਬਿਜਲੀ ਸਪਲਾਈ ਦੀ ਸਮੱਸਿਆ ਸਬੰਧੀ ਕਿਹਾ ਕਿ ਸ਼ਹਿਰੀ ਇਲਾਕਿਆਂ ਵਿੱਚ ਜਿਥੇ ਸੁੱਕੇ ਦਰਖੱਤਾਂ ਕਾਰਨ ਜਾਂ ਹੋਰ ਕਿਸੇ ਕਾਰਨ ਬਿਜਲੀ ਸਪਲਾਈ ਨੂੰ ਲੈ ਕੇ ਕੋਈ ਰੁਕਾਵਟ ਪੈਦਾ ਹੁੰਦੀ ਹੈ, ਤਾਂ ਉਸ ਨੂੰ ਵਿਭਾਗ ਆਪਸੀ ਤਾਲਮੇਲ ਨਾਲ ਹੱਲ ਕਰਨ। ਇਸ ਸਬੰਧੀ ਉਨ੍ਹਾਂ ਏ.ਡੀ.ਸੀ. ਦੀ ਅਗਵਾਈ ਵਿਚ ਇਕ ਕਮੇਟੀ ਬਣਾਉਣ ਦੇ ਨਿਰਦੇਸ਼ ਦਿੱਤੇ, ਜਿਸ ਵਿੱਚ ਪਾਵਰ ਕਾਰਪੋਰੇਸ਼ਨ ਦੇ ਐਸ.ਈ., ਡੀ.ਐਫ.ਓ. , ਕਮਿਸ਼ਨਰ ਨਗਰ ਨਿਗਮ ਨੂੰ ਸ਼ਾਮਲ ਕਰਨ ਨੂੰ ਕਿਹਾ ਤਾਂ ਜੋ ਕੋਈ ਸਮੱਸਿਆ ਆਉਣ ’ਤੇ ਸਬੰਧਤ ਵਿਭਾਗ ਦੇ ਅਧਿਕਾਰੀ ਆਪਸੀ ਤਾਲਮੇਲ ਨਾਲ ਇਸ ਦਾ ਹੱਲ ਕੱਢ ਸਕਣ। ਸ਼੍ਰੀ ਅਰੋੜਾ ਨੇ ਪੁਲਿਸ ਵਿਭਾਗ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਵੀ ਲੋਕਾਂ ਨੂੰ ਮਾਸਕ ਪਹਿਨਣ ਲਈ ਲਗਾਤਾਰ ਉਤਸ਼ਾਹਿਤ ਕਰਨ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਵਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਸਾਰੇ ਵਿਭਾਗ ਪਾਲਣਾ ਕਰਨਗੇ ਤਾਂ ਜੋ ਲੋਕਾਂ ਤੱਕ ਵੱਧ ਤੋਂ ਵੱਧ ਸੁਵਿਧਾਵਾਂ ਪਹੁਚਾਈਆਂ ਜਾ ਸਕਣ। ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ-19 ਦੇ ਨਾਲ-ਨਾਲ ਡੇਂਗੂ ਸਬੰਧੀ ਜਾਗਰੂਕਤਾ ਜਾਰੀ ਰੱਖੀ ਜਾਵੇ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਸ਼ਹਿਰ ਦੇ 50 ਵਲੰਟੀਅਰਾਂ ਵਲੋਂ ਡੇਂਗੂ ਸਬੰਧੀ ਸਰਵੇ ਹੋ ਚੁੱਕਿਆ ਹੈ ਅਤੇ ਅਗਲੇ ਦੂਜੇ ਪੜਾਅ ਦਾ ਸਰਵੇ ਵੀ ਜਾਰੀ ਹੈ। ਇਸ ਤੋਂ ਇਲਾਵਾ ਹੁਣ ਤੱਕ ਸਰਵੇ ਦੌਰਾਨ 232 ਚਲਾਨ ਵੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਵਿਭਾਗ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਅ ਰਹੇ ਹਨ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਹੈ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਸਾਹਮਣੇ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਪੰਚਾਲ, ਪੰਜਾਬ ਸਟੇਟ ਇੰਡਸਟਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਵਾਇਸ ਚੇਅਰਮੈਨ ਸ਼੍ਰੀ ਬ੍ਰਹਾਸ਼ੰਕਰ ਜਿੰਪਾ, ਇਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਐਸ.ਪੀ. ਸ਼੍ਰੀ ਪਰਮਿੰਦਰ ਸਿੰਘ, ਕਮਿਸ਼ਨਰ ਨਗਰ ਨਿਗਮ ਸ਼੍ਰੀ ਬਲਬੀਰ ਰਾਜ ਸਿੰਘ, ਸਿਵਲ ਸਰਜਨ ਡਾ. ਜਸਵੀਰ ਸਿਘ ਐਸ.ਈ. ਕਾਰਪੋਰੇਸ਼ਨ ਸ਼੍ਰੀ ਪੀ.ਐਸ. ਖਾਂਬਾ, ਡੀ.ਐਫ.ਓ ਸ਼੍ਰੀ ਨਰੇਸ਼ ਮਹਾਜਨ ਤੋਂ ਇਲਾਵਾ ਹੋਰ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।