44 ਕਰੋੜ ਦੇ ਪ੍ਰੋਜੈਕਟ ਨਾਲ ਸ਼ਹਿਰ ਦੇ ਹਰ ਇਲਾਕੇ ’ਚ ਪਹੁੰਚੇਗਾ ਸੀਵਰੇਜ਼ ਤੇ ਪਾਣੀ **ਅਮਰੁਤ ਯੋਜਨਾ ਤਹਿਤ ਸ਼ਹਿਰ ’ਚ ਸੌ ਪ੍ਰਤੀਸ਼ਤ ਸੀਵਰੇੇਜ਼ ਤੇ ਪਾਣੀ ਦੀਆਂ ਪਾਈਪਾਂ ਪਾਉਣ ਦਾ ਕੰਮ ਜਾਰੀ : ਕਮਿਸ਼ਨਰ ਨਗਰ ਨਿਗਮ

*ਲੋਕਾਂ ਤੱਕ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਲਗਾਏ ਜਾ ਰਹੇ ਹਨ ਟਿਊਬਵੈਲ
ਹੁਸ਼ਿਆਰਪੁਰ / 1 ਅਗਸਤ / ਨਿਊ ਸੁਪਰ ਭਾਰਤ ਨਿਊਜ
ਸ਼ਹਿਰ ਵਿੱਚ 44 ਕਰੋੜ ਦੀ ਲਾਗਤ ਨਾਲ ਸੀਵਰੇਜ਼ ਤੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਕਮਿਸ਼ਨਰ ਨਗਰ ਨਿਗਮ ਸ੍ਰੀ ਬਲਵੀਰ ਰਾਜ ਸਿੰਘ ਨੇ ਦੱਸਿਆ ਕਿ ਅਮਰੁਤ ਯੋਜਨਾ ਤਹਿਤ ਜਲਦ ਹੀ ਸ਼ਹਿਰ ਵਿੱਚ 100 ਫੀਸਦੀ ਸੀਵਰੇਜ ਅਤੇ ਪਾਣੀ ਦੀਆਂ ਪਾਈਪਾਂ ਪਾਉਣ ਦਾ ਕੰਮ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਪਾਣੀ ਦੀਆਂ ਪਾਈਪਾਂ ਪਾਉਣ ਦਾ ਕੰਮ 95 ਫੀਸਦੀ ਪੂਰਾ ਕਰ ਲਿਆ ਗਿਆ ਹੈ, ਜਦਕਿ ਸੀਵਰੇਜ਼ ਦੀਆਂ ਪਾਈਪਾਂ ਪਾਉਣ ਦਾ ਕੰਮ 65 ਫੀਸਦੀ ਤੱਕ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਰਹਿੰਦਾ ਕੰਮ ਵੀ ਜਲਦ ਪੂਰਾ ਕਰ ਲਿਆ ਜਾਵੇਗਾ।
ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਪਾਣੀ ਮੁਹੱਇਆ ਕਰਵਾਉਣ ਲਈ ਸ਼ਹਿਰ ਵਿੱਚ ਜਿਨ੍ਹਾਂ ਸਥਾਨਾਂ ਨੂੰ ਟਿਊਬਵੈਲਾਂ ਦੀ ਜ਼ਰੂਰਤ ਹੈ, ਉਥੇ ਟਿਊਬਵੈਲ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਜਿਥੇ ਰਿ-ਬੋਰ ਦੀ ਜ਼ਰੂਰਤ ਹੈ, ਉਥੇ ਵੀ ਬੋਰ ਕੀਤਾ ਜਾ ਰਿਹਾ ਹੈ, ਤਾਂ ਜੋ ਹਰ ਘਰ ਵਿੱਚ ਪਾਣੀ ਸਹੀ ਮਾਤਰਾ ਵਿੱਚ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਪਾਣੀ ਤੇ ਸੀਵਰੇਜ਼ 100 ਫੀਸਦੀ ਮੁਹੱਈਆ ਕਰਵਾਉਣ ਲਈ ਅਮਰੁਤ ਪ੍ਰੋਜੈਕਟ ਰਾਹੀਂ ਵਾਰਡਾਂ ਵਿੱਚ ਪਾਣੀ ਤੇ ਸੀਵਰੇਜ਼ ਦੀ ਵਿਵਸਥਾ ਕੀਤੀ ਜਾ ਰਹੀ ਹੈ।
ਸ੍ਰੀ ਬਲਵੀਰ ਰਾਜ ਸਿੰਘ ਨੇ ਬਰਸਾਤਾਂ ਦੇ ਦਿਨਾਂ ਵਿੱਚ ਲੋਕਾਂ ਤੱਕ ਸਾਫ਼-ਸੁਥਰਾ ਪਾਣੀ ਪਹੁੰਚੇ, ਇਸ ਦੇ ਲਈ ਟਿਊਬਵੈਲਾਂ ਵਿੱਚ ਡੋਜ਼ਰ ਦੀ ਵਿਵਸਥਾ ਕੀਤੀ ਗਈ ਹੈ, ਇਸ ਤੋਂ ਇਲਾਵਾ ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਪਾਣੀ ਦੀਆਂ ਪਾਈਪਾਂ ਨੂੰ ਵੀ ਚੈਕ ਕੀਤਾ ਜਾ ਰਿਹਾ ਹੈ, ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਹੋ ਸਕੇ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਬਰਸਾਤਾਂ ਦੇ ਦਿਨਾਂ ਵਿੱਚ ਵਾਟਰ ਸੈਂਪਲਿੰਗ ਨੂੰ ਅਭਿਆਨ ਦੇ ਰੂਪ ਵਿੱਚ ਚਲਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਹੋ ਸਕੇ।