-ਸ਼ਹਿਰ ’ਚ ਰੋਗਾਣੂ ਮੁਕਤ ਛਿੜਕਾਅ ਦੇ ਨਾਲ-ਨਾਲ ਇਕਾਂਤਵਾਸ ਕੀਤੇ ਗਏ ਘਰਾਂ ਤੋਂ ਵੀ ਚੁੱਕ ਰਹੇ ਹਨ ਕੂੜਾ
ਹੁਸ਼ਿਆਰਪੁਰ, 3 ਅਗਸਤ / ਨਿਊ ਸੁਪਰ ਭਾਰਤ ਨਿਊਜ਼:
ਸ਼ਹਿਰ ਵਿੱਚ ਸਫ਼ਾਈ ਵਿਵਸਥਾ ਬਰਕਰਾਰ ਰੱਖਣ ਲਈ ਨਗਰ ਨਿਗਮ ਵਲੋਂ ਜਿਥੇ ਦਿਨ ਰਾਤ ਕੰਮ ਕੀਤਾ ਜਾ ਰਿਹਾ ਹੈ, ਉਥੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਲਈ ਲਗਾਤਾਰ ਸ਼ਹਿਰ ਦੇ ਹਿੱਸਿਆ ਨੂੰ ਸੈਨੇਟਾਈਜ਼ਰ ਵੀ ਕੀਤਾ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਕਮਿਸ਼ਨਰ ਨਗਰ ਨਿਗਮ ਸ੍ਰੀ ਬਲਵੀਰ ਰਾਜ ਸਿੰਘ ਨੇ ਦੱਸਿਆ ਕਿ ਕੋਵਿਡ-19 ਦੀ ਮਹਾਂਮਾਰੀ ਨਾਲ ਨਿਪਟਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਦੀ ਅਗਵਾਈ ਵਿੱਚ ਨਿਗਮ ਵਲੋਂ ਲੋਕਾਂ ਤੱਕ ਹਰ ਬੁਨਿਆਦੀ ਸੁਵਿਧਾ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਘਰਾਂ ਵਿੱਚ ਸੁਰੱਖਿਅਤ ਰਹਿਣ, ਇਸ ਲਈ ਨਗਰ ਨਿਗਮ ਦੇ ਕਰਮਚਾਰੀ ਲੋਕਾਂ ਦੀ ਸੁਰੱਖਿਆ ਲਈ ਫੀਲਡ ਵਿੱਚ ਕੰਮ ਕਰ ਰਹੇ ਹਨ।
ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕਰਮਚਾਰੀਆਂ ਵਲੋਂ ਸ਼ਹਿਰ ਦੇ ਬਾਜ਼ਾਰਾਂ ਅਤੇ ਵਾਰਡਾਂ ਵਿੱਚ ਰੋਗਾਣੂ ਮੁਕਤ ਸਪਰੇਅ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਲਈ ਨਿਗਮ ਵਲੋਂ ਵਾਹਨਾਂ ਦੀ ਵੀ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ ਨਗਰ ਨਿਗਮ ਵਲੋਂ 8 ਹਜ਼ਾਰ ਲੀਟਰ ਸੋਡੀਅਮ ਹਾਈਪੋਕਲੋਰਾਈਟ ਖਰੀਦਿਆ ਗਿਆ ਹੈ, ਜਿਸ ਵਿੱਚੋਂ 6 ਹਜ਼ਾਰ ਲੀਟਰ ਦਾ ਛਿੜਕਾਅ ਕੀਤਾ ਜਾ ਚੁੱਕਾ ਹੈ। ਸ੍ਰੀ ਬਲਵੀਰ ਰਾਜ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਪ੍ਰਸ਼ਾਸ਼ਨ ਵਲੋਂ ਜਿਨ੍ਹਾਂ ਲੋਕਾਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਉਥੋਂ ਰੋਜ਼ਾਨਾ ਕੂੜਾ ਉਠਾਉਣ ਲਈ ਵੀ ਨਗਰ ਨਿਗਮ ਦੀਆਂ ਵਿਸ਼ੇਸ਼ ਟੀਮਾਂ ਲਗਾਈਆਂ ਗਈਆਂ ਹਨ, ਜੋ ਕਿ ਪੀ.ਪੀ.ਈ ਕਿੱਟ, ਗਲਵਜ, ਮਾਸਕ ਪਹਿਨ ਕੇ ਆਪਣੇ ਇਸ ਕੰਮ ਨੂੰ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਕਾਂਤਵਾਸ ਕੀਤੇ ਗਏ ਘਰਾਂ ਵਿੱਚ ਨਿਗਮ ਦੇ ਕਰਮਚਾਰੀ ਰੋਜ਼ਾਨਾ ਉਪਯੋਗ ਕੀਤੇ ਗਏ ਗਲਵਜ, ਮੈਡੀਕਲ ਵੇਸਟ ਆਦਿ ਨੂੰ ਇਕੱਤਰ ਕਰਦੇ ਹਨ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਵਲੋਂ ਆਪਣੀ ਜਾਨ ਖਤਰੇ ਵਿੱਚ ਪਾ ਕੇ ਲੋਕਾਂ ਨੂੰ ਹਰ ਸੰਭਵ ਸੁਵਿਧਾ ਉਪਲਬੱਧ ਕਰਵਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਗਰ ਨਿਗਮ ਦਾ ਸਟਾਫ਼ ਲੋਕਾਂ ਦੀ ਸੇਵਾ ਲਈ ਕੰਮ ਕਰ ਰਿਹਾ ਹੈ, ਇਸ ਲਈ ਉਹ ਸਟਾਫ਼ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ।