ਕੋਵਿਡ-19; ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਸੈਂਪਲਿੰਗ ਵਧਾਉਣ ਦੇ ਦਿੱਤੇ ਨਿਰਦੇਸ਼

*ਕਿਹਾ, ਜ਼ਿਲ੍ਹੇ ’ਚ ਰੋਜ਼ਾਨਾ ਕੀਤੀ ਜਾਵੇ ਇਕ ਹਜ਼ਾਰ ਲੋਕਾਂ ਦੀ ਸੈਂਪਲਿੰਗ ***ਜ਼ਿਲ੍ਹੇ ’ਚ 14 ਐਸ.ਐਮ.ਓਜ਼ ਦੀ ਅਗਵਾਈ ’ਚ 36 ਸੈਂਪਲਿੰਗ ਟੀਮਾਂ ਕਰ ਰਹੀਆਂ ਹਨ ਕੰਮ
ਹੁਸ਼ਿਆਰਪੁਰ / 11 ਅਗਸਤ / ਨਿਊ ਸੁਪਰ ਭਾਰਤ ਨਿਊਜ
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ-19 ਦੀ ਸਥਿਤੀ ਹੋਰ ਜ਼ਿਲਿ੍ਹਆਂ ਦੇ ਮੁਕਾਬਲੇ ਕਾਫ਼ੀ ਬੇਹਤਰ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਰੋਨਾ ਪੋਜ਼ੀਟਿਵ ਲੋਕ ਵੱਡੀ ਸੰਖਿਆ ਵਿੱਚ ਠੀਕ ਵੀ ਹੋ ਰਹੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਸਾਰੇ ਐਸ.ਡੀ.ਐਮਜ਼ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਵਿੱਚ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਵਿੱਚ ਟੈਸਟਿੰਗ ਨੂੰ ਵਧਾਇਆ ਗਿਆ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਹੁਣ ਜ਼ਿਲ੍ਹੇ ਵਿੱਚ ਰੋਜ਼ਾਨਾ ਇਕ ਹਜ਼ਾਰ ਸੈਂਪਲ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸੈਂਪਲਿੰਗ ਵੱਧਣ ਨਾਲ ਜਿਥੇ ਬੀਮਾਰੀ ਦੀ ਜਲਦ ਪਹਿਚਾਣ ਹੋਵੇਗੀ, ਉਥੇ ਇਸ ਦੇ ਫੈਲਾਅ ਨੂੰ ਵੀ ਰੋਕਿਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਹਾਜ਼ਰ ਸਾਰੇ ਅਧਿਕਾਰੀਆਂ ਨੂੰ ਕਿਹਾ ਕਿ ਆਪਸੀ ਤਾਲਮੇਲ ਨਾਲ ਕੰਮ ਕਰਕੇ ਹੀ ਅਸੀਂ ਸਰਕਾਰ ਦੇ ਨਿਰਦੇਸ਼ਾਂ ਦਾ ਪੂਰੀ ਤਰ੍ਹਾਂ ਨਾਲ ਪਾਲਣਾ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਸਮੇਂ 14 ਐਸ.ਐਮ.ਓਜ਼ ਦੀ ਅਗਵਾਈ ਵਿੱਚ 36 ਸੈਂਪÇਲੰਗ ਟੀਮਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਅਮਰਜੈਂਸੀ ਹਾਲਾਤ ਲਈ ਲਗਾਈ ਗਈ ਟਰੂਨਾਟ ਮਸ਼ੀਨ ਵਿੱਚ ਹੁਣ ਤੱਕ 754 ਲੋਕਾਂ ਦੀ ਕੋਰੋਨਾ ਟੈਸਟਿੰਗ ਕੀਤੀ ਜਾ ਚੁੱਕੀ ਹੈ।

ਅਪਨੀਤ ਰਿਆਤ ਨੇ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਮੰਡੀ ਅਫ਼ਸਰ ਨਾਲ ਤਾਲਮੇਲ ਕਰਕੇ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਅੜਤੀਆਂ ਤੇ ਫਲ ਵਿਕਰੇਤਾਵਾਂ ਅਤੇ ਲੇਬਰ ਦੇ ਕੋਵਿਡ-19 ਸਬੰਧੀ ਟੈਸਟ ਕਰਵਾਏ ਜਾਣ। ਇਸ ਤੋਂ ਬਾਅਦ ਜ਼ਿਲ੍ਹੇ ਦੇ ਹੋਟਲਾਂ ਅਤੇ ਰੈਸਟੋਰੈਂਟਾਂ ਵਿੱਚ ਕੰਮ ਕਰਨ ਵਾਲੇ, ਬੈਂਕ ਕਰਮਚਾਰੀਆਂ ਅਤੇ ਉਦਯੋਗਾਂ ਦੇ ਕਰਮਚਾਰੀਆਂ ਦੀ ਟੈਸਟਿੰਗ ਵੀ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਐਸ.ਐਮ.ਓਜ਼ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਵਿੱਚ ਜਿਨ੍ਹਾਂ ਸਥਾਨਾਂ ਨੂੰ ਕੰਟੇਨਮੈਂਟ ਜਾਂ ਮਾਈਕਰੋ ਕੰਟੇਨਮੈਂਟ ਜ਼ੋਨ ਬਣਾਇਆ ਗਿਆ ਹੈ, ਉਥੇ ਤਿੰਨ ਦਿਨਾਂ ਦੇ ਅੰਦਰ ਪੂਰੀ ਸੈਂਪਲਿੰਗ ਯਕੀਨੀ ਬਣਾਈ ਜਾਵੇ ਅਤੇ ਐਸ.ਡੀ.ਐਮਜ਼ ਇਨ੍ਹਾਂ ਕੰਟੇਨਮੈਂਟ ਜ਼ੋਨ ਦੀ ਸੈਂਪਲਿੰਗ ਚੈਕ ਕਰਨ ਲਈ ਰੋਜ਼ਾਨਾ ਚੈਕਿੰਗ ਕਰਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਲਾਪ੍ਰਵਾਹੀ ਅਪਨਾ ਕੇ ਕੋਰੋਨਾ ਨੂੰ ਘਰ ਆਉਣ ਦਾ ਸੁਨੇਹਾ ਨਾ ਦਿੱਤਾ ਜਾਵੇ। ਜੇਕਰ ਤੁਸੀਂ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖਣਾ ਚਾਹੁੰਦੇ ਹੋ, ਤਾਂ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਲੋਕਾਂ ਦੇ ਸਿਹਤ ਹਿੱਤ ਨੂੰ ਲੈ ਕੇ ਹਮੇਸ਼ਾਂ ਗੰਭੀਰ ਰਹਿੰਦਾ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਵਿੱਚ ਸਫ਼ਲਤਾ ਮਿਲ ਸਕਦੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਅਮਿਤ ਮਹਾਜਨ, ਐਸ.ਡੀ.ਐਮ. ਮੁਕੇਰੀਆਂ ਸ੍ਰੀ ਅਸ਼ੋਕ ਕੁਮਾਰ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਬੰਸ ਸਿੰਘ, ਐਸ.ਡੀ.ਐਮ. ਦਸੂਹਾ ਸ੍ਰੀ ਰਣਦੀਪ ਸਿੰਘ ਹੀਰ, ਸਹਾਇਕ ਕਮਿਸ਼ਨਰ (ਜ) ਸ੍ਰੀ ਕਿਰਪਾਲ ਵੀਰ ਸਿੰਘ, ਸਿਵਲ ਸਰਜਨ ਡਾ. ਜਸਵੀਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਐਪੋਡਿਮੋਲਾਜਿਸਟ ਡਾ. ਸੈਲੇਸ਼ ਅਤੇ ਸਾਰੇ ਐਸ.ਐਮ.ਓਜ਼ ਵੀ ਮੌਜੂਦ ਸਨ।
