*ਅਧਿਕਾਰੀਆਂ ਨੂੰ ਹੇਠਲੇ ਪੱਧਰ ਤੱਕ ਲੋਕਾਂ ਨੂੰ ਰੋਜ਼ਗਾਰ ਮੇਲਿਆਂ ਬਾਰੇ ਜਾਗਰੂਕ ਕਰਨ ਦੇ ਨਿਰਦੇਸ਼
ਹੁਸ਼ਿਆਰਪੁਰ / 13 ਅਗਸਤ / ਨਿਊ ਸੁਪਰ ਭਾਰਤ ਨਿਊਜ
ਪੰਜਾਬ ਸਰਕਾਰ ਦੇ ਵੱਕਾਰੀ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਤੰਬਰ ਦੇ ਆਖਰੀ ਹਫ਼ਤੇ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਦੌਰਾਨ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਲਈ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਨ੍ਹਾਂ ਮੇਲਿਆਂ ਸਬੰਧੀ ਜ਼ਮੀਨੀ ਪੱਧਰ ਤੱਕ ਲੋਕਾਂ ਨੂੰ ਜਾਗਰੂਕ ਕਰਨ।
ਅੱਜ ਇਥੇ ਰੋਜ਼ਗਾਰ ਮੇਲਿਆਂ ਦੀ ਤਿਆਰੀ ਸਬੰਧੀ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨਾਲ ਮੀਟਿੰਗ ਦੌਰਾਨ ਇਨ੍ਹਾਂ ਮੇਲਿਆਂ ਵਿੱਚ ਵੱਧ ਤੋਂ ਵੱਧ ਬੇਰੋਜ਼ਗਾਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ ਜੋ ਕਿ ਜਾਗਰੂਕਤਾ ਨਾਲ ਹੀ ਸੰਭਵ ਹੋ ਸਕਦਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਰਕਾਰ ਵਲੋਂ ਦਿੱਤੇ ਟੀਚਿਆਂ ਦੀ ਪੂਰਤੀ ਲਈ ਵੱਧ ਤੋਂ ਵੱਧ ਸਰਕਾਰੀ/ਪ੍ਰਾਈਵੇਟ ਅਦਾਰਿਆਂ ਤੋਂ ਲੋੜੀਂਦੀਆਂ ਅਸਾਮੀਆਂ ਦੀ ਜਾਣਕਾਰੀ ਹਾਸਲ ਕਰਕੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਨੂੰ 18 ਅਗਸਤ ਤੱਕ ਰਿਪੋਰਟ ਭੇਜੀ ਜਾਵੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨੌਜਵਾਨਾਂ ਲਈ ਸ਼ੁਰੂ ਕੀਤੇ ਇਹ ਮਿਸ਼ਨ ਬੇਰੋਜ਼ਗਾਰਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਿਹਾ ਹੈ ਜਿਸ ਤਹਿਤ ਹੋਰ ਵੀ ਸਾਰਥਕ ਨਤੀਜੇ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤਾ ਜਾਵੇਗਾ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ, ਜੀ.ਐਮ. ਉਦਯੋਗ, ਡਿਪਟੀ ਡਾਇਰੈਕਟਰ ਫੈਕਟਰੀਜ਼, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਡੀ.ਆਰ. ਸਹਿਕਾਰੀ ਸੇਵਾਵਾਂ, ਐਲ.ਡੀ.ਐਮ ਅਤੇ ਸੀ.ਐਸ. ਜ਼ਿਲ੍ਹਾ ਮੈਨੇਜਰ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੌਜੂਦ ਸਨ।