ਹੁਸ਼ਿਆਰਪੁਰ / 14 ਅਗਸਤ / ਨਿਊ ਸੁਪਰ ਭਾਰਤ ਨਿਊਜ
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ 34694 ਸੈਂਪਲ ਨੈਗੇਟਿਵ ਆ ਚੁੱਕੇ ਹਨ ਅਤੇ 600 ਮਰੀਜ ਠੀਕ ਹੋ ਕੇ ਆਪਣੇ ਘਰਾਂ ਨੂੰ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਵਧਾਨੀਆਂ ਅਪਨਾ ਕੇ ਲੋਕ ਇਸ ਵਾਇਰਸ ਤੋਂ ਬਚ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਕੋਰੋਨਾ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ, ਬਲਕਿ ਅਹਿਤਿਆਤ ਵਰਤਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਕੋਵਿਡ-19 ਸਬੰਧੀ ਕਿਸੇ ਵੀ ਹਾਲਾਤ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਰਹੀ ਹੈ, ਤਾਂ ਜੋ ਜ਼ਿਲ੍ਹਾ ਵਾਸੀ ਸਾਵਧਾਨੀਆਂ ਅਪਨਾ ਕੇ ਕੋਰੋਨਾ ਵਾਇਰਸ ਤੋਂ ਬਚ ਸਕਣ। ਸ੍ਰੀਮਤੀ ਅਪਨੀਤ ਰਿਆਤ ਨੇ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਪਰਕ ਨਾਲ ਫੈਲਦਾ ਹੈ, ਇਸ ਲਈ ਸਮਾਜਿਕ ਦੂਰੀ ਬਰਕਰਾਰ ਰੱਖਦੇ ਹੋਏ ਮਾਸਕ, ਸੈਨੇਟਾਈਜ਼ਰ ਅਤੇ ਸਮੇਂ-ਸਮੇਂ ’ਤੇ 20 ਸੈਕਿੰਡ ਤੱਕ ਹੱਥ ਧੋਣੇ ਯਕੀਨੀ ਬਣਾਏ ਜਾਣ।
ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ 38775 ਸੈਂਪਲ ਲਏ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅੱਜ 1043 ਸੈਂਪਲ ਲਏ ਗਏ ਹਨ ਅਤੇ 1059 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿੱਚੋਂ 20 ਨਵੇਂ ਕੇਸ ਆਉਣ ਨਾਲ ਜ਼ਿਲ੍ਹੇ ਵਿੱਚ ਪੋਜ਼ੀਟਿਵ ਕੇਸਾਂ ਦੀ ਗਿਣਤੀ 784 ਹੋ ਗਈ ਹੈ। ਉਨ੍ਹਾਂ ਕਿਹਾ ਕਿ ਐਕਟਿਵ ਕੇਸ 161 ਹਨ। ਉਨ੍ਹਾਂ ਕਿਹਾ ਕਿ 3315 ਸੈਂਪਲਾਂ ਦੀ ਰਿਪੋਰਟ ਅਜੇ ਆਉਣੀ ਬਾਕੀ ਹੈ ਅਤੇ ਹੁਣ ਤੱਕ 57 ਕੇਸ ਇਨਵੈਲਿਡ ਪਾਏ ਗਏ ਹਨ। ਸਿਵਲ ਸਰਜਨ ਨੇ ਕਿਹਾ ਕਿ ਅੱਜ ਆਏ ਪੋਜ਼ੀਟਿਵ ਕੇਸਾਂ ਵਿੱਚ 2 ਕੇਸ ਭੂੰਗਾ, 4 ਮੁਕੇਰੀਆਂ, 1 ਗੜ੍ਹਸ਼ੰਕਰ, 2 ਜਹਾਨਖੇਲਾਂ, 1 ਮੇਹਟੀਆਣਾ, 1 ਮੰਡ ਭੰਡੇਰ, 3 ਦਸੂਹਾ, 1 ਪੰਡੋਰੀ, 1 ਹੁਸ਼ਿਆਰਪੁਰ ਦੇ ਗੋਤਮ ਨਗਰ, 1 ਗੁਰੂ ਗੋਬਿੰਦ ਸਿੰਘ ਨਗਰ, 1 ਮੁਹੱਲਾ ਟਿਬਾ ਸਾਹਿਬ, 1 ਪਿੰਡ ਸੋਤਲਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਪਿੰਡ ਰੋੜੀਆਂ ਦੀ 66 ਸਾਲਾ ਮਹਿਲਾ ਜੋ ਕਿ ਬੀਮਾਰ ਸੀ ਦੀ ਅੱਜ ਮੌਤ ਹੋ ਗਈ ਹੈ। ਉਕਤ ਮਹਿਲਾ ਦਾ ਕੋਵਿਡ ਟੈਸਟ ਪੋਜ਼ੀਟਿਵ ਆਇਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੋਵਿਡ ਨਾਲ 23 ਮੌਤਾਂ ਹੋ ਚੁੱਕੀਆਂ ਹਨ। ਉਨ੍ਹਾਂ ਗਰਭਵਤੀ ਮਹਿਲਾਵਾਂ ਅਤੇ 10 ਸਾਲ ਤੱਕ ਬੱਚਿਆਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਕਰਦਿਆਂ ਇਸ ਬੀਮਾਰੀ ਦੇ ਫੈਲਾਅ ਨੂੰ ਰੋਕਣ ਵਿੱਚ ਆਪਣਾ ਸਹਿਯੋਗ ਦੇਣ ਲਈ ਕਿਹਾ।