ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਨ ਮੁਕਾਬਲੇ **ਜਿਲ੍ਹਾ ਹੁਸ਼ਿਆਰਪੁਰ ਦੇ 944 ਵਿਦਿਆਰਥੀਆਂ ਨੇ ਲਿਆ ਹਿੱਸਾ

ਇੰਜੀ. ਸੰਜੀਵ ਗੌਤਮ, ਜਿਲ੍ਹਾ ਸਿੱਖਿਆ ਅਫ਼ਸਰ (ਐਲੀ. ਅਤੇ ਸੈਕੰਡਰੀ) ਹੁਸ਼ਿਆਰਪੁਰ
ਹੁਸ਼ਿਆਰਪੁਰ / 23 ਅਗਸਤ / ਨਿਊ ਸੁਪਰ ਭਾਰਤ ਨਿਊਜ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਭਾਸ਼ਨ ਪ੍ਰਤੀਯੋਗਤਾ ‘ਚ ਹੁਸ਼ਿਆਰਪੁਰ ਜਿਲ੍ਹੇ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਹੈ।
ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਇੰਨ੍ਹਾਂ ਮੁਕਾਬਲਿਆਂ ਵਿੱਚ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਸਿੱਖਿਆਵਾਂ, ਉਸਤਤ, ਫਲਸਫੇ ਤੇ ਕੁਰਬਾਨੀ ਸਬੰਧੀ ਭਾਸ਼ਨ ਰਾਹੀਂ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ।
ਜਿਲ੍ਹਾ ਸਿੱਖਿਆ ਅਫਸਰ (ਐਲੀ. ਅਤੇ ਸੈਕੰਡਰੀ) ਇੰਜੀ. ਸੰਜੀਵ ਗੌਤਮ ਨੇ ਦੱਸਿਆ ਕਿ ਜਿਲ੍ਹੇ ਦੇ ਐਲੀਮੈਂਟਰੀ ਵਿੰਗ ਦੇ 248 ਪ੍ਰਤੀਯੋਗੀਆਂ ਨੇ ਹਿੱਸਾ ਲਿਆ। ਇੰਜੀ. ਸੰਜੀਵ ਗੌਤਮ ਅਨੁਸਾਰ ਸੈਕੰਡਰੀ ਦੇ 380 ਤੇ ਮਿਡਲ ਵਰਗ ਦੇ 316 ਬੱਚਿਆਂ ਨੇ ਭਾਸ਼ਨ ਪ੍ਰਤੀਯੋਗਤਾ ‘ਚ ਹਿੱਸਾ ਲਿਆ। ਮੁਕਾਬਲਿਆਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜਿਲ੍ਹਾ ਨੋਡਲ ਅਫਸਰ (ਐਲੀ.) ਮਨਜੀਤ ਸਿੰਘ, ਸੈਕੰਡਰੀ ਵਿੰਗ ਦੇ ਨੋਡਲ ਅਫਸਰ ਬੇਅੰਤ ਸਿੰਘ, ਸਕੂਲ ਮੁਖੀਆਂ, ਅਧਿਆਪਕਾਂ ਤੇ ਵਿਦਿਆਰਥੀਆਂ ਨੇ ਭਰਵਾਂ ਯੋਗਦਾਨ ਪਾਇਆ।