Site icon NewSuperBharat

ਜਾਗਰੂਕਤਾ ਨਾਲ ਹੀ ਕੋਰੋਨਾ ’ਤੇ ਪਾਈ ਜਾ ਸਕਦੀ ਹੈ ਫਤਿਹ, ਅਫਵਾਹਾਂ ਤੋਂ ਸਾਵਧਾਨ ਰਹਿਣ ਲੋਕ: ਡਿਪਟੀ ਕਮਿਸ਼ਨਰ

*ਜਿਲ੍ਹੇ ’ਚ ਕੋਵਿਡ-19 ਦੀ ਸਮੀਖਿਆ ਦੌਰਾਨ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਇਕਜੁੱਟਤਾ ਨਾਲ ਕੰਮ ਕਰਨ ਦੀ ਕੀਤੀ ਅਪੀਲ **ਕੋਵਿਡ-19 ਪਾਜ਼ੀਵਿਟ ਮਰੀਜ਼ਾਂ ਲਈ ਆਈ.ਐਮ.ਏ ਸੈਂਟ ਜੋਸਫ਼ ਹਸਪਤਾਲ ’ਚ ਜਲਦ ਸ਼ੁਰੂ ਕਰਨ ਜਾ ਰਹੀ ਹੈ ਲੈਵਲ 2 ਅਤੇ 3 ਦੀ ਸੁਵਿਧਾ

ਹੁਸ਼ਿਆਰਪੁਰ / 1 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ-19 ਦੀ ਰੋਕਥਾਮ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਜਿਸ ਤਰ੍ਹਾਂ ਮਿਲਜੁਲ ਕੇ ਕੰਮ ਕੀਤਾ ਜਾ ਰਿਹਾ ਹੈ। ਉਸਦੇ ਵਧੀਆ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੋਵਿਡ-19 ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਦੌਰਾਨ ਜ਼ਿਲ੍ਹੇ ਦੇ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਵੀ ਮੌਜੂਦ ਸਨ।

ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕੋਵਿਡ-19 ਦੇ ਨਾਲ-ਨਾਲ ਅਨਲਾਕ-4 ਦੀਆਂ ਹਦਾਇਤਾਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਨਿਜੀ ਹਸਪਤਾਲਾਂ ਨੂੰ ਕੋਵਿਡ-19 ਪਾਜ਼ੀਟਿਵ ਮਰੀਜ਼ਾਂ ਨੂੰ ਸਾਰੀਆਂ ਜ਼ਰੂਰੀ ਸੁਵਿਧਾਵਾਂ ਉਪਲਬੱਧ ਕਰਵਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਮੁਸ਼ਕਿਲ ਘੜੀ ਵਿੱਚ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਪ੍ਰਾਈਵੇਟ ਹਸਪਤਾਲਾਂ ਦੀ ਵੀ ਜ਼ਿੰਮੇਵਾਰੀ ਬਣ ਜਾਂਦੀ ਹੈ। ਉਨ੍ਹਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ) ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਵਲੋਂ ਲਗਾਤਾਰ ਪ੍ਰਸ਼ਾਸਨ ਨੂੰ ਸਹਿਯੋਗ ਕੀਤਾ ਜਾ ਰਿਹਾ ਹੈ। ਇਸੇ ਲੜੀ ਵਿੱਚ ਆਈ.ਐਮ.ਏ. ਕੋਵਿਡ-19 ਪਾਜ਼ੀਟਿਵ ਮਰੀਜਾਂ ਦੀ ਸੁਵਿਧਾ ਲਈ ਸੈਂਟ ਜੋਸਫ ਹਸਪਤਾਲ ਵਿੱਚ ਲੈਵਲ-2 ਅਤੇ ਲੈਵਲ-3 ਦੀ ਸੁਵਿਧਾ ਦੇਣ ਜਾ ਰਹੀ ਹੈ ਜੋ ਕਿ ਜਲਦ ਹੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਲੈਵਲ-1, 2 ਅਤੇ 3 ਦੇ ਹਸਪਤਾਲਾਂ ਦੀ ਜਾਣਕਾਰੀ, ਇਨ੍ਹਾਂ ਹਸਪਤਾਲਾਂ ਵਿੱਚ ਬੈਡ ਦੀ ਸੁਵਿਧਾ ਅਤੇ ਐਡਵਾਂਸ ਲਾਈਫ ਸਪੋਰਟ ਐਂਬੂਲੈਂਸ ਦੀ ਜ਼ਰੂਰਤ ਪੈਣ ’ਤੇ ਹੈਲਪਲਾਈਨ ਨੰਬਰ 01882-252170 ’ਤੇ ਸੰਪਰਕ ਕਰ ਸਕਦੇ ਹਨ।

ਅਪਨੀਤ ਰਿਆਤ ਨੇ ਕਿਹਾ ਕਿ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਸੈਂਪਲਿੰਗ ਨੂੰ ਜਿਥੇ ਵਧਾ ਦਿੱਤਾ ਗਿਆ ਹੈ ਉਥੇ ਕੰਟਰੈਕਟ ਟਰੇਸਿੰਗ  ਵੀ ਵਿਭਾਗ ਵਲੋਂ ਜਾਰੀ ਸਟੈਂਡਰਡ ਅਪਰੇਟਿੰਗ ਪ੍ਰੋਸੀਜ਼ਰ (ਐਸ.ਓ.ਪੀ.) ਦੇ ਅਨੁਸਾਰ ਕੀਤੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਜ਼ਿਲ੍ਹੇ ਵਿੱਚ ਕਿਸੇ ਸਥਾਨ ’ਤੇ ਕੋਵਿਡ-19 ਦੀ ਟੈਸਟਿੰਗ ਨੂੰ ਲੈ ਕੇ ਜੇਕਰ ਕੋਈ ਵਿਰੋਧ ਕਰਦਾ ਹੈ ਤਾਂ ਉਸ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਇਸ ਦੇ ਬਾਵਜੂਦ ਜੇਕਰ ਸਿਹਤ ਵਿਭਾਗ ਦੇ ਕਰਮਚਾਰੀਆਂ ਨਾਲ ਕੋਈ ਦੁਰਵਿਵਹਾਰ ਕਰਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪਣੇ-ਆਪਣੇ ਖੇਤਰਾਂ ਵਿੱਚ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸੰਯੁਕਤ ਨਾਲ ਦੌਰਾ ਕਰਨ ਅਤੇ ਲੋਕਾਂ ਦੀ ਟੈਸਟਿੰਗ ਕਰਵਾਉਣ ਪ੍ਰਤੀ ਉਤਸ਼ਾਹਿਤ ਵੀ ਕਰਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਉਹ  ਬੀ.ਡੀ.ਪੀ.ਓਜ਼ ਦੇ ਮਾਧਿਅਮ ਨਾਲ ਲੋਕਾਂ ਨੂੰ ਟੈਸਟਿੰਗ ਪ੍ਰਤੀ ਜਾਗਰੂਕ ਕਰਨ।

ਐਸ.ਐਸ.ਪੀ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸਿਵਲ ਅਤੇ ਪੁਲਿਸ ਅਧਿਕਾਰੀ ਇਕਜੁੱਟਤਾ ਨਾਲ ਕੰਮ ਕਰ ਰਹੇ ਹਨ ਅਤੇ ਉਹ ਉਮੀਦ ਕਰਦੇ ਹਨ ਕਿ ਜਲਦ ਹੀ ਕੋਰੋਨਾ ਦੇ ਫੈਲਾਅ ’ਤੇ ਫਤਿਹ ਪਾ ਲਈ ਜਾਵੇਗੀ। ਉਨ੍ਹਾਂ ਸਮੂਹ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਨਲਾਕ-4 ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ ਦੇ ਨਾਲ-ਨਾਲ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਕੋਰੋਨਾ ਨੂੰ ਲੈ ਕੇ ਅਫਵਾਹਾਂ ਫੈਲਾਉਣ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾ ਸਖਤ ਕਾਰਵਾਈ ਕਰਨ। ਇਸ ਮੌਕੇ ’ਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ, ਐਸ.ਪੀ. (ਜਾਂਚ ) ਆਰ.ਪੀ.ਐਸ ਸੰਧੂ, ਐਸ.ਪੀ (ਡੀ) ਰਮਿੰਦਰ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਅਮਿਤ ਮਹਾਜਨ, ਐਸ.ਡੀ.ਐਮ ਗੜ੍ਹਸ਼ੰਕਰ ਹਰਬੰਸ ਸਿੰਘ, ਐਸ.ਡੀ.ਐਮ ਮੁਕੇਰੀਆਂ ਅਸ਼ੋਕ ਕੁਮਾਰ, ਐਸ਼ਡੀ.ਐਮ ਦਸੂਹਾ ਰਣਦੀਪ ਸਿੰਘ ਹੀਰ, ਸਹਾਇਕ ਕਮਿਸ਼ਨਰ (ਜ) ਕਿਰਪਾਲ ਵੀਰ ਸਿੰਘ, ਸਮੂਹ ਡੀ.ਐਸ.ਡੀ. ਸਿਵਲ ਸਰਜਨ ਡਾ. ਜਸਵੀਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਆਈ.ਐਮ.ਏ. ਦੇ ਮੈਂਬਰ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਪ੍ਰਤੀਨਿਧ ਵੀ ਹਾਜ਼ਰ ਸਨ।

Exit mobile version