Site icon NewSuperBharat

ਐਸ.ਐਸ.ਪੀ. ਵੱਲੋਂ ਕੋਵਿਡ ਸੰਬੰਧੀ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਚੇਤਾਵਨੀ, ਹੋਵੇਗੀ ਸਖ਼ਤ ਕਾਰਵਾਈ

*ਨਵਜੋਤ ਸਿੰਘ ਮਾਹਲ ਵੱਲੋਂ ਸਮਾਜਿਕ, ਧਾਰਮਿਕ, ਗ਼ੈਰ-ਸਰਕਾਰੀ ਸੰਸਥਾਵਾਂ, ਪੰਚਾਇਤਾਂ ਅਤੇ ਹੋਰ ਨੁਮਾਇੰਦਿਆਂ ਨੂੰ ਲੋਕ ਹਿਤ ਵਿੱਚ ਸਹਿਯੋਗ ਦੀ ਅਪੀਲ

ਹੁਸ਼ਿਆਰਪੁਰ / 6 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਅੱਜ ਕਿਹਾ ਕਿ ਕਰੋਨਾ ਵਾਇਰਸ ਨੂੰ ਲੈ ਕੇ ਜੇਕਰ ਕੋਈ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਫੈਲਾਉਂਦਾ ਹੈ ਜਾਂ ਨਾ-ਪੁਖਤਾ ਜਾਣਕਾਰੀ ਨੂੰ ਸਾਂਝਾ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।       

ਜ਼ਿਲ੍ਹਾ ਪੁਲਿਸ ਮੁਖੀ ਨੇ ਅਜਿਹੇ ਅਨਸਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਕੋਰੋਨਾ ਦੇ ਮੌਜੂਦਾ ਸੰਕਟ ਦੇ ਮੱਦੇਨਜ਼ਰ ਅਜਿਹੀ ਕੋਈ ਵੀ ਤੱਥਹੀਣ ਜਾਂ ਬੇਅਧਾਰ ਜਾਣਕਾਰੀ ਸਾਂਝੀ ਨਾ ਕੀਤੀ ਜਾਵੇ, ਜਿਸ ਨਾਲ ਸਮਾਜ ਵਿੱਚ ਸਹਿਮ ਜਾਂ ਡਰ ਦਾ ਮਾਹੌਲ ਪੈਦਾ ਹੋਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਨਿਗਰਾਨੀ ਵਧਾ ਦਿੱਤੀ ਗਈ ਹੈ ਅਤੇ ਜੇਕਰ ਅਜਿਹੀਆਂ ਕਾਰਵਾਈਆਂ ਵਿਚ ਕੋਈ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਅਜਿਹੇ ਨਾਜੁਕ ਦੌਰ ਵਿੱਚ ਸਾਨੂੰ ਸਾਰਿਆਂ ਨੂੰ ਆਪਣੀ ਵਿਅਕਤੀਗਤ ਜ਼ਿੰਮੇਵਾਰੀ ਨੂੰ ਸਮਝਦਿਆਂ ਕੋਰੋਨਾ ਮਹਾਮਾਰੀ ਦੇ ਖਿਲਾਫ ਰਲ ਕੇ ਹੰਭਲਾ ਮਾਰਨਾ ਚਾਹੀਦਾ ਹੈ ਤਾਂ ਜੋ ਇਸ ਹੋਰ ਫੈਲਾਅ ਨੂੰ ਰੋਕ ਕੇ ਲੋਕਾਂ ਨੂੰ ਇਸ ਭਿਆਨਕ ਮਹਾਂਮਾਰੀ ਤੋਂ ਬਚਾਇਆ ਜਾ ਸਕੇ।     

ਲੋਕਾਂ ਨੂੰ ਅਪੀਲ ਕਰਦਿਆਂ ਐਸ.ਐਸ.ਪੀ. ਨੇ ਕਿਹਾ ਕਿ ਅਜਿਹੀਆਂ ਅਫ਼ਵਾਹਾਂ ਤੋਂ ਸਾਵਧਾਨ ਰਿਹਾ ਜਾਵੇ ਅਤੇ ਜੇਕਰ ਕਿਸੇ ਨੂੰ ਵੀ ਕੋਰੋਨਾ ਸੰਬੰਧੀ ਕਿਸੇ ਤਰ੍ਹਾਂ ਦੇ ਲੱਛਣ ਦਾ ਪਤਾ ਲੱਗਦਾ ਹੈ ਤਾਂ ਤੁਰੰਤ ਡਾਕਟਰੀ ਸਲਾਹ ਜਾਂ ਕੋਵਿਡ ਟੈਸਟ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਸੰਬੰਧੀ ਸੈਂਪਲਿੰਗ ਅਤੇ ਟੈਸਟਿੰਗ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ।       

ਨਵਜੋਤ ਸਿੰਘ ਮਾਹਲ ਨੇ ਸਮਾਜਿਕ, ਧਾਰਮਿਕ, ਗੈਰ-ਸਰਕਾਰੀ ਸੰਸਥਾਵਾਂ, ਪੰਚਾਇਤਾਂ ਅਤੇ ਹੋਰ ਨੁਮਾਇੰਦਿਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਜੇਕਰ ਅਜਿਹੀਆਂ ਅਫਵਾਹਾਂ ਫੈਲਾਉਣ ਵਾਲਿਆਂ ਬਾਰੇ ਕੋਈ ਜਾਣਕਾਰੀ ਉਨ੍ਹਾਂ ਤੱਕ ਪੁੱਜਦੀ ਹੈ ਤਾਂ ਉਹ ਲੋਕ ਹਿੱਤ ਦੇ ਮੱਦੇਨਜ਼ਰ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਲੋੜੀਂਦੀ ਕਾਰਵਾਈ ਕੀਤੀ ਸਕੇ।

Exit mobile version