May 24, 2024

ਸੁੰਦਰ ਸ਼ਾਮ ਅਰੋੜਾ ਵਲੋਂ ਹੁਸ਼ਿਆਰਪੁਰ ’ਚ ਝੋਨੇ ਦੀ ਖਰੀਦ ਦੀ ਸ਼ੁਰੂਆਤ ***ਕਿਹਾ ਪੰਜਾਬ ਸਰਕਾਰ ਵਲੋਂ ਲਾਮਿਸਾਲ ਪ੍ਰਬੰਧ ਯਕੀਨੀ ਬਣਾਉਣਗੇ ਫਸਲ ਦੀ ਸੁਚੱਜੀ ਖਰੀਦ ***ਖੇਤੀ ਆਰਡੀਨੈਂਸਾਂ ਵੇਲੇ ਅਕਾਲੀ ਕਿਥੇ ਸੁੱਤੇ ਪਏ ਸਨ? ***ਤਿੰਨੇ ਬਿੱਲ ਪੰਜਾਬ ਵਿਰੋਧੀ ਅਤੇ ਕਿਸਾਨ ਵਿਰੋਧੀ ਕਿਸਾਨ ਹਿੱਤਾਂ ਦੀ ਰਾਖੀ ਨਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਪੰਜਾਬੀ ਬਖਸ਼ਣਗੇ ਨਹੀਂ

0


ਹੁਸ਼ਿਆਰਪੁਰ, 1 ਅਕਤੂਬਰ / ਨਿਊ ਸੁਪਰ ਭਾਰਤ ਨਿਊਜ਼:


ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਸਥਾਨਕ ਨਵੀਂ ਦਾਣਾ ਮੰਡੀ ਵਿੱਚ ਪਿੰਡ ਬੱਠੀਆਂ ਬ੍ਰਾਹਮਣਾਂ ਦੇ ਕਿਸਾਨ ਰਾਮ ਪਾਲ ਦੀ ਝੋਨੇ ਦੀ ਢੇਰੀ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਚੁੱਕਿਆ ਜਾਵੇਗਾ।


ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਹੋਰ ਅਧਿਕਾਰੀਆਂ ਸਮੇਤ ਫ਼ਸਲ ਦੀ ਖਰੀਦ ਸ਼ੁਰੂ ਕਰਵਾਉਂਦਿਆਂ ਉਦਯੋਗ ਮੰਤਰੀ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਤੋਂ ਫ਼ਸਲ ਵੇਚਣ ਦੌਰਾਨ ਕਿਸੇ ਕਿਸਮ ਦੀ ਪੇਸ਼ ਆ ਰਹੀ ਸਮੱਸਿਆ ਬਾਰੇ ਪੁੱਛਿਆ ਜਿਸ ’ਤੇ ਕਿਸਾਨਾਂ ਨੇ ਕਿਹਾ ਕਿ ਮੰਡੀ ਵਿੱਚ ਉਨ੍ਹਾਂ ਨੂੰ ਕੋਈ ਦਿੱਕਤ ਨਹੀਂ ਆ ਰਹੀ ਅਤੇ ਉਨ੍ਹਾਂ ਦੀ ਫ਼ਸਲ 1888 ਰੁਪਏ ਪ੍ਰਤੀ ਕੁਇੰਟਲ ਵਿਕੀ ਹੈ। ਇਸ ਦੌਰਾਨ ਉਦਯੋਗ ਮੰਤਰੀ ਨੇ ਮੰਡੀ ਵਿੱਚ ਵੱਖ-ਵੱਖ ਢੇਰੀਆਂ ’ਤੇ ਜਾ ਕੇ ਝੋਨੇ ਦੀ ਫ਼ਸਲ ਦੇਖਦਿਆਂ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਨੂੰ ਤਾਕੀਦ ਕੀਤੀ ਕਿ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ।


ਉਦਯੋਗ ਮੰਤਰੀ ਨੇ ਦੱਸਿਆ ਕਿ ਪ੍ਰਸ਼ਾਸਨ ਵਲੋਂ ਕੋਵਿਡ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ 98 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ ਜਿਥੇ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਕਿਸਮ ਦੇ ਇੰਤਜ਼ਾਮ ਅਮਲ ਵਿੱਚ ਲਿਆਂਦੇ ਗਏ ਹਨ ਤਾਂ ਜੋ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਆਦਿ ਨੂੰ ਸੁਰੱਖਿਅਤ ਰੱਖ ਕੇ ਝੋਨੇ ਦੀ ਖਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਰੀਬ 4.41 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਉਮੀਦ ਹੈ ਜਿਸ ਦੀ ਖਰੀਦ ਅਤੇ ਲਿਫਟਿੰਗ ਦੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ।


ਇਸ ਮੌਕੇ ਪੱਤਰਕਾਰਾਂ ਵਲੋਂ ਕਿਸਾਨ ਮੁੱਦਿਆਂ ਅਤੇ ਖੇਤੀ ਆਰਡੀਨੈਂਸਾਂ ਬਾਰੇ ਪੁੱਛੇ ਸਵਾਲਾਂ ਦੇ ਜਵਾਬ ’ਚ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਅਕਾਲੀ ਦਲ ਕੇਂਦਰ ਵਿੱਚ ਐਨ.ਡੀ.ਏ. ਦਾ ਸਰਗਰਮ ਭਾਈਵਾਲ ਹੋਣ ਦੇ ਬਾਵਜੂਦ ਕਿਸਾਨਾਂ ਦੇ ਹਿੱਤ ਸੁਰੱਖਿਅਤ ਰੱਖਣ ਵਿੱਚ ਬੁਰੀ ਤਰ੍ਹਾਂ ਅਸਫ਼ਲ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਜੇਕਰ ਕੇਂਦਰ ਅਸਲੋਂ ਕਿਸਾਨ ਹਿਤੈਸ਼ੀ ਹੁੰਦਾ ਤਾਂ ਉਹ ਪਾਸ ਕੀਤੇ ਗਏ ਬਿੱਲਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੀ ਬਰਕਰਾਰੀ ਦਾ ਭਰੋਸਾ ਦਿੰਦਾ ਜਦਕਿ ਕੇਂਦਰ ਵਲੋਂ ਐਮ.ਐਸ.ਪੀ. ਜਾਰੀ ਰੱਖਣ ਬਾਰੇ ਸਥਿਤੀ ਸਪੱਸ਼ਟ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਜੋ ਹੁਣ ਮਗਰਮੱਛ ਦੇ ਹੰਝੂ ਵਹਾ ਰਿਹਾ ਹੈ ਨੂੰ ਪਹਿਲਾਂ ਹੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜਨਾ ਚਾਹੀਦਾ ਸੀ ਕਿਉਂਕਿ ਪੰਜਾਬ ਦਾ ਕਿਸਾਨ ਦੇਸ਼ ਵਿੱਚ 50 ਫੀਸਦੀ ਅੰਨ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਕਿਸਾਨਾਂ ਦੇ ਹਿੱਤ ਨਾ ਪੂਰੇ ਜਾਣ ਨਾਲ ਇਸ ਦਾ ਅਸਲ ਚਿਹਰਾ ਬੇਨਕਾਬ ਹੋ ਚੁੱਕਾ ਹੈ।


ਇਕ ਹੋਰ ਸਵਾਲ ਦੇ ਜਵਾਬ ’ਚ ਮੰਤਰੀ ਨੇ ਕਿਹਾ ਕਿ ਖੇਤੀ ਨਾਲ ਸਬੰਧਤ ਤਿੰਨੇ ਬਿੱਲ ਪੂਰੀ ਤਰ੍ਹਾਂ ਪੰਜਾਬ ਵਿਰੋਧੀ ਅਤੇ ਕਿਸਾਨ ਵਿਰੋਧੀ ਹਨ ਅਤੇ ਕੇਂਦਰ ਵਲੋਂ ਜਾਣਬੁਝ ਕੇ ਕਿਸਾਨਾਂ ਦਾ ਸੰਵਿਧਾਨਕ ਹੱਕ ਮਾਰਿਆ ਗਿਆ ਹੈ ਕਿਉਂਕਿ ਕੇਂਦਰ ਸਰਕਾਰ ਦੀ ਮਨਸ਼ਾ ਘੱਟੋ-ਘੱਟ ਸਮਰਥਨ ਮੁੱਲ ਨਾਲ ਯਕੀਨਣ ਛੇੜਛਾੜ ਵਾਲੀ ਹੈ।
ਅਕਾਲੀ ਦਲ ਨੂੰ ਸਵਾਲ ਕਰਦਿਆਂ ਸੁੰਦਰ ਸ਼ਾਮ ਅਰੋੜਾ ਨੇ ਪੁੱਛਿਆ ਕਿ ਜਦੋਂ ਆਰਡੀਨੈਂਸ ਲਿਆਂਦੇ ਜਾ ਰਹੇ ਸਨ ਤਾਂ ਉਦੋਂ ਅਕਾਲੀ ਕਿਥੇ ਸੁੱਤੇ ਸਨ। ਉਨ੍ਹਾਂ ਕਿਹਾ ਕਿ ਹੁਣ ਜਦੋਂ ਪਿੰਡ-ਪਿੰਡ ਅਕਾਲੀਆਂ ਦਾ ਜ਼ਬਰਦਸਤ ਵਿਰੋਧ ਹੋ ਰਿਹਾ ਹੈ ਤਾਂ ਉਨ੍ਹਾਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਵਜ਼ੀਰੀ ਤੋਂ ਅਸਤੀਫ਼ਾ ਦੇ ਕੇ ਆਪਣੀ ਸਿਆਸੀ ਭਾਈਵਾਲ ਭਾਜਪਾ ਨਾਲੋਂ ਨਾਤਾ ਤੋੜਨ ਨੂੰ ਤਰਜ਼ੀਹ ਦਿੱਤੀ ਜਿਹੜੀ ਕਿ ਅਕਾਲੀ ਦਲ ਦੇ ਕੰਮ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਿਸਾਨ ਵਿਰੋਧੀ ਪਾਰਟੀਆਂ ਨੂੰ ਆਉਂਦੇ ਸਮੇਂ ’ਚ ਕਦੇ ਵੀ ਬਖਸ਼ਣਗੇ ਨਹੀਂ। ਅਰੋੜਾ ਨੇ ਕਿਹਾ ਕਿ ਅਕਾਲੀ ਦਲ ਅਤੇ ਹੋਰ ਪਾਰਟੀਆਂ ਪੰਜਾਬ ਵਿੱਚ ਅਗਲੀਆਂ ਚੋਣਾਂ ਦੌਰਾਨ ਦੂਜੇ ਅਤੇ ਤੀਜੇ ਸਥਾਨ ਲਈ ਜ਼ੋਰ ਲਾ ਰਹੀਆਂ ਹਨ ਕਿਉਂਕਿ ਉਨ੍ਹਾਂ ਦੇ ਅਸਲ ਚਿਹਰੇ ਨੰਗੇ ਹੋ ਚੁੱਕੇ ਹਨ।  

Leave a Reply

Your email address will not be published. Required fields are marked *