Site icon NewSuperBharat

82 ਲੱਖ ਰੁਪਏ ਦੀ ਲਾਗਤ ਨਾਲ ਜਹਾਨਖੇਲਾਂ ’ਚ ਬਣੇਗਾ ਖੇਡ ਸਟੇਡੀਅਮ : ਸੁੰਦਰ ਸ਼ਾਮ ਅਰੋੜਾ *** ਉਦਯੋਗ ਮੰਤਰੀ ਨੇ ਰੱਖਿਆ ਨੀਂਹ ਪੱਥਰ, ਕਿਹਾ ਪੰਜਾਬ ਸਰਕਾਰ ‘ਖੇਡਦਾ ਪੰਜਾਬ’ ਦੇ ਵਾਅਦੇ ਨੂੰ ਕਰੇਗੀ ਪੂਰਾ *** ੍ਖੇਤੀ ਬਿੱਲਾਂ ’ਤੇ ਅਕਾਲੀ-ਭਾਜਪਾ ਦੀ ਡਰਾਮੇਬਾਜੀ ਹੁਣ ਨਹੀਂ ਚਲਣੀ


ਹੁਸ਼ਿਆਰਪੁਰ, 2 ਅਕਤੂਬਰ / ਨਿਊ ਸੁਪਰ ਭਾਰਤ ਨਿਊਜ਼ :


ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਪਿੰਡ ਜਹਾਨਖੇਲਾਂ ਵਿੱਚ 82 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦੀ ਉਸਾਰੀ ਸ਼ੁਰੂ ਕਰਵਾਉਂਦਿਆਂ ਰੱਖਦਿਆਂ ਕਿਹਾ ਕਿ ਪਿੰਡਾਂ ਵਿੱਚ ਖੇਡ ਸਟੇਡੀਅਮ ਅਤੇ ਖੇਡ ਮੈਦਾਨਾਂ ਦੀ ਸਥਾਪਤੀ ਨਾਲ ਨੌਜਵਾਨ ਪੀੜ੍ਹੀ ਖੇਡਾਂ ਵੱਲ ਪ੍ਰੇਰਿਤ ਹੋਵੇਗੀ ਅਤੇ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੁੜ ਮੋਹਰੀ ਸੂਬੇ ਵਜੋਂ ਉਭਾਰੇਗੀ।

ਰਾਜ ਸਰਕਾਰ ਦੇ ਮਿਸ਼ਨ ‘ਤੰਦਰੁਸਤ ਪੰਜਾਬ’ ਤਹਿਤ ਰਾਸ਼ਟਰ ਪਿਤਾ ਮਹਾਤਮਾ ਜੀ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 750 ਪਿੰਡਾਂ ਵਿੱਚ ਖੇਡ ਸਟੇਡੀਅਮਾਂ/ਮੈਦਾਨਾਂ ਦੀ ਉਸਾਰੀ ਦੀ ਸ਼ੁਰੂਆਤ ਉਪਰੰਤ ਜਹਾਨਖੇਲਾਂ ਵਿੱਚ 4 ਏਕੜ ਰਕਬੇ ਵਿੱਚ ਬਨਣ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪਿੰਡਾਂ ਵਿੱਚ ਸਟੇਡੀਅਮ ਬਨਣ ਨਾਲ ਖੇਡਦਾ ਪੰਜਾਬ ਦਾ ਟੀਚਾ ਪੂਰਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਨਾਲ ਨੌਜਵਾਨ ਪੀੜ੍ਹੀ ਨੂੰ ਖੇਡਾਂ ਦੇ ਖੇਤਰ ਵਿੱਚ ਨਵੀਆਂ ਪੈੜ੍ਹਾਂ ਪਾਉਣ ਦੇ ਮੌਕਿਆਂ ਵਿੱਚ ਅਥਾਹ ਵਾਧਾ ਹੋਵੇਗਾ ਅਤੇ ਸੂਬੇ ਦੇ ਨੌਜਵਾਨ ਖਿਡਾਰੀ ਰਾਜ, ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਆਪਣੀ ਖੇਡ ਦਾ ਲੋਹਾ ਮਨਵਾ ਕੇ ਪੰਜਾਬ ਦਾ ਨਾਂ ਰੌਸ਼ਨ ਕਰਨਗੇ।


ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਨਸ਼ਿਆਂ ਦੇ ਰਾਹ ’ਤੇ ਤੁਰਨ ਨਾਲ ਸਾਡੀ ਜਵਾਨੀ ਦਾ ਭਾਰੀ ਨੁਕਸਾਨ ਹੋਇਆ ਅਤੇ ਮਾਰਚ 2017 ਵਿੱਚ ਕਾਂਗਰਸ ਸਰਕਾਰ ਬਨਣ ਪਿੱਛੋਂ ਨਸ਼ਿਆਂ ਦੀਆਂ ਜੜ੍ਹਾਂ ਖੋਖਲੀਆਂ ਕਰਦਿਆਂ ਪੰਜਾਬ ਸਰਕਾਰ ਨੇ ਨੌਜਵਾਨਾਂ ਪੱਖੀ ਲਾਮਿਸਾਲ ਫੈਸਲੇ ਲੈ ਕੇ ਉਨ੍ਹਾਂ ਦੀ ਊਰਜਾ ਦੀ ਸਹੀ ਦਿਸ਼ਾ ਵਿੱਚ ਵਰਤੋਂ ਨੂੰ ਤਵੱਜੋਂ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟੇਡੀਅਮਾਂ/ਖੇਡ ਮੈਦਾਨਾਂ ਦੀ ਉਸਾਰੀ ਨਾਲ ਪਿੰਡਾਂ ਵਿੱਚ ਸਿਹਤਮੰਦ ਮਾਹੌਲ ਦੀ ਸਿਰਜਨਾ ਹੋਣ ਸਦਕਾ ਸਾਡੀ ਨੌਜਵਾਨ ਪੀੜ੍ਹੀ ਨਿੱਗਰ ਅਤੇ ਤੰਦਰੁਸਤ ਰਹੇਗੀ ਜੋ ਕਿ ਖੇਡਦਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰੇਗੀ।


ਪਿੰਡਾਂ ਵਿੱਚ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਸਰਕਾਰ ਦੇ ਇਸ ਫੈਸਲੇ ਵਿੱਚ ਪੰਚਾਇਤਾਂ ਨੂੰ ਭਾਈਵਾਲ ਬਨਾਉਣ ਬਾਰੇ ਉਦਯੋਗ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਤੋਂ ਪੰਚਾਇਤਾਂ ਅਤੇ ਪੇਂਡੂ ਵਸੋਂ ਬੇਹੱਦ ਖੁਸ਼ ਹੈ ਕਿਉਂਕਿ ਇਹ ਕਾਰਜ ਨੌਜਵਾਨ ਪੀੜ੍ਹੀ ਦੇ ਚਹੁੰਮੁਖੀ ਵਿਕਾਸ ਵਿੱਚ ਅਹਿਮ ਰੋਲ ਅਦਾ ਕਰੇਗਾ।
ਜ਼ਿਕਰਯੋਗ ਹੈ ਕਿ ਉਦਯੋਗ ਮੰਤਰੀ ਨੇ ਸਮਾਗਮ ਦੀ ਸ਼ੁਰੂਆਤ ਇਕ ਮਗਨਰੇਗਾ ਵਰਕਰ ਪ੍ਰਵੀਨ ਤੋਂ ਰਿਬਨ ਕਟਾ ਕੇ ਕਰਵਾਈ।

ਇਸ ਮੌਕੇ ਖੇਤੀ ਬਿੱਲਾਂ ਸਬੰਧੀ ਪੱਤਰਕਾਰਾਂ ਵਲੋਂ ਪੁੱਛੇ ਸਵਾਲ ਦੇ ਜਵਾਬ ’ਚ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਅਕਾਲੀ-ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਬੇਨਕਾਬ ਹੋਣ ਪਿੱਛੋਂ ਇਹ ਦੋਵੇਂ ਪਾਰਟੀਆਂ ਆਪਣੀ ਸਿਆਸੀ ਹੋਂਦ ਨੂੰ ਬਚਾਉਣ ਲਈ ਨਵੀਆਂ-ਨਵੀਆਂ ਡਰਾਮਬਾਜੀਆਂ ਕਰ ਰਹੀਆਂ ਹਨ ਜਿਹੜੀਆਂ ਕਿ ਹੁਣ ਹੋਰ ਨਹੀਂ ਚੱਲਣਗੀਆਂ। ਉਨ੍ਹਾਂ ਕਿਹਾ ਕਿ ਆਪਣੇ ਸਿਆਸੀ ਹਿੱਤਾਂ ਖਾਤਰ ਇਹ ਪਾਰਟੀਆਂ ਹੱਥ-ਪੈਰ ਮਾਰ ਰਹੀਆਂ ਹਨ ਪਰ ਕਿਸਾਨਾਂ ਨੂੰ ਦੋਵਾਂ ਪਾਰਟੀਆਂ ਦੀ ਅਸਲੀਅਤ ਦਾ ਪਤਾ ਲੱਗ ਚੁੱਕਾ ਹੈ ਅਤੇ ਉਹ ਇਨ੍ਹਾਂ ਪਾਰਟੀਆਂ ਨੂੰ ਆਉਣ ਵਾਲੇ ਸਮੇਂ ’ਚ ਬਖਸ਼ਣਗੇ ਨਹੀਂ।


ਬੀਤੇ ਦਿਨ ਅਕਾਲੀ ਦਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ ਕੱਢੇ ਗਏ ਮਾਰਚ ਬਾਰੇ ਪੁੱਛੇ ਜਾਣ ’ਤੇ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਅਕਾਲੀ ਦਲ ਵਲੋਂ ਹੁਣ ਆਪਣੀ ਸਿਆਸੀ ਸਾਖ ਦੇ ਬਚਾਅ ਲਈ ਇਹ ਮਾਰਚ ਕੱਢੇ ਜਾ ਰਹੇ ਹਨ। ਉਨ੍ਹਾਂ ਅਕਾਲੀ ਲੀਡਰਸ਼ਿਪ ਨੂੰ ਸਵਾਲ ਕੀਤਾ ਕਿ ਜਦੋਂ ਇਹ ਬਿੱਲ ਪਾਸ ਹੋ ਰਹੇ ਸਨ ਤਾਂ ਉਦੋਂ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜ਼ੀਰੀ ਤੋਂ ਅਸਤੀਫ਼ਾ ਕਿਉਂ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਦੋਗਲੀ ਨੀਤੀ ਦਾ ਪਰਦਾਫਾਸ਼ ਹੋ ਚੁੱਕਾ ਹੈ ਕਿਉਂਕਿ ਬਿੱਲ ਪਾਸ ਹੋਣ ਤੱਕ ਖੁਦ ਨੂੰ ਕਿਸਾਨ ਹਿਤੈਸ਼ੀ ਕਹਾਉਣ ਵਾਲੇ ਅਕਾਲੀ ਲੀਡਰ ਖੇਤੀ ਆਰਡੀਨੈਂਸਾਂ ਦੇ ਪੱਖ ਵਿੱਚ ਡੱਟ ਕੇ ਪਹਿਰਾ ਦਿੰਦੇ ਰਹੇ ਸਨ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਵਲੋਂ ਇਹ ਐਲਾਨ ਕਰ ਦਿੱਤਾ ਗਿਆ ਕਿ ਕਿਸਾਨ ਵਿਰੋਧੀ ਪਾਰਟੀਆਂ ਦੀ ਡਟਵਾਂ ਵਿਰੋਧ ਕੀਤਾ ਜਾਵੇਗਾ ਤਦ ਜਾ ਕੇ ਅਕਾਲੀਆਂ ਨੇ ਭਾਜਪਾ ਨਾਲੋਂ ਵੱਖ ਹੋਣ ਦਾ ਐਲਾਨ ਕੀਤਾ।
ਇਕ ਹੋਰ ਸਵਾਲ ਦੇ ਜਵਾਬ ’ਚ ਉਦਯੋਗ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੇ ਘੋਲ ਵਿੱਚ ਉਨ੍ਹਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਪੰਜਾਬ ਸਰਕਾਰ ਕਿਸੇ ਵੀ ਹਾਲਤ ਵਿੱਚ ਕਿਸਾਨੀ ਨਾਲ ਧੱਕੇਸ਼ਾਹੀ ਨਹੀਂ ਹੋਣ ਦੇਵੇਗੀ।


ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਆਈ.ਡੀ.ਬੀ. ਦੇ ਵਾਈਸ ਚੇਅਰਮੈਨ ਬ੍ਰਹਮ ਸ਼ੰਕਰ ਜਿੰਪਾ, ਨਗਰ ਸੁਧਾਰ ਟਰੱਸਟ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀ.ਈ.ਓ. ਅਜੇ ਕੁਮਾਰ ਅਤੇ ਸਰਪੰਚ ਕਮਲ ਕਿਸ਼ੋਰ ਆਦਿ ਹਾਜ਼ਰ ਸਨ। 

Exit mobile version