May 18, 2024

ਕੋਵਿਡ-19 ਦੀ ਮਹਾਂਮਾਰੀ ਨਾਲ ਨਜਿੱਠਣ ਲਈ ਢੁੱਕਵੇਂ ਪ੍ਰਬੰਧ ਬਣਾਏ ਜਾ ਰਹੇ ਹਨ ਯਕੀਨੀ: ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ

0

*ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸੰਸਥਾਤਮਕ ਇਕਾਂਤਵਾਸ ‘ਚ ਰੱਖੇ ਗਏ ਕੋਵਿਡ ਪਾਜਿਟਿਵ ਮਰੀਜ਼ਾਂ ਨਾਲ ਗੱਲਬਾਤ ਕਰਕੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਨੰਗਲ / 10 ਸਤੰਬਰ / ਨਿਊ ਸੁਪਰ ਭਾਰਤ ਨਿਊਜ

ਪੰਜਾਬ ਸਰਕਾਰ ਵੱਲੋਂ ਰੂਪਨਗਰ ਜ਼ਿਲੇ ‘ਚ ਲੋੜੀਂਦੇ ਪ੍ਰਬੰਧਾਂ ਦੀ ਦੇਖ ਰੇਖ ਲਈ ਇੰਚਾਰਜ ਲਗਾਏ ਗਏ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਆਪਣੇ ਨੰਗਲ ਦੌਰੇ ਦੌਰਾਨ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਵਿਡ-19 ਦੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਇਕਾਂਤਵਾਸ ਕੀਤੇ ਗਏ ਪਾਜਿਟਿਵ ਮਰੀਜ਼ਾਂ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਚੱਲ ਰਹੇ ਇਲਾਜ ਤੇ ਹੋਰਨਾਂ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਉਨਾਂ ਸਬ ਡਵੀਜਨ ਹਸਪਤਾਲ ਦੀ ਓ.ਪੀ.ਡੀ. ‘ਚ ਹੋਰਨਾਂ ਅਲਾਮਤਾਂ ਦੇ ਇਲਾਜ ਲਈ ਆਏ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨਾਂ ਨੂੰ ਕੋਵਿਡ-19 ਦੇ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਉਨਾਂ ਬੀ.ਬੀ.ਐਮ.ਬੀ. ਦੇ ਹਸਪਤਾਲ ਦਾ ਵੀ ਦੌਰਾ ਕੀਤਾ ਅਤੇ ਕੋਵਿਡ ਪ੍ਰਬੰਧਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ।

ਇਸ ਮੌਕੇ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੂਬੇ ‘ਚ ਕੋਵਿਡ-19 ਦੀ ਮਹਾਂਮਾਰੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਕੋਵਿਡ ਪਾਜਿਟਿਵ ਮਰੀਜ਼ਾਂ ਦੀ ਢੁੱਕਵੀਂ ਸਾਂਭ-ਸੰਭਾਲ ਕੀਤੀ ਜਾ ਸਕੇ। ਉਨਾਂ ਦੱਸਿਆ ਕਿ ਕੋਵਿਡ ਦੇ ਮੁਫ਼ਤ ਇਲਾਜ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਦੀ ਹਰ ਪੱਖ ਤੋਂ ਮਦਦ ਕਰਨੀ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਪੂਰੇ ਵਿਸ਼ਵ ‘ਚ ਫੈਲੀ ਇਸ ਮਹਾਂਮਾਰੀ ਦੇ ਪ੍ਰਕੋਪ ਨੂੰ ਪੰਜਾਬ ‘ਚ ਘੱਟ ਤੋਂ ਘੱਟ ਕੀਤਾ ਜਾ ਸਕੇ। ਉਨਾਂ ਕਿਹਾ ਕਿ ਅੱਜ ਉਨਾਂ ਨੰਗਲ ‘ਚ ਬਣਾਏ ਗਏ ਸਾਰੇ ਕੋਵਿਡ ਕੇਅਰ ਸੈਂਟਰਾਂ ਦਾ ਜਾਇਜ਼ਾ ਲਿਆ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਨਾਂ ਸੈਂਟਰਾਂ ‘ਚ ਮਰੀਜ਼ਾਂ ਦੇ ਨਾਲ-ਨਾਲ ਡਾਕਟਰੀ ਅਮਲੇ ਲਈ ਵੀ ਸਾਰੀਆਂ ਸੁਵਿਧਾਵਾਂ ਯਕੀਨੀ ਬਣਾਈਆਂ ਜਾਣ। ਉਨਾਂ ਕਿਹਾ ਕਿ ਮੈਡੀਕਲ ਸਟਾਫ਼ ਅਤੇ ਸਫ਼ਾਈ ਸੇਵਕਾਂ ਵੱਲੋਂ ਇਸ ਮਹਾਂਮਾਰੀ ਦੌਰਾਨ ਆਪਣੀ ਸਿਹਤ ਦੀ ਪ੍ਰਵਾਹ ਕੀਤੇ ਬਗੈਰ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਲਈ ਪੂਰਾ ਪੰਜਾਬ ਖ਼ਾਸ ਕਰ ਪੰਜਾਬ ਸਰਕਾਰ ਉਨਾਂ ਦੀ ਧੰਨਵਾਦੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੋਵਿਡ-19 ਦੀ ਟੈਸਟਿੰਗ ਵਿਰੁੱਧ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਜੋ ਕਿ ਬਿਲਕੁਲ ਨਿਰਾਧਾਰ ਹਨ ਕਿਉਕਿ ਫਿਲਹਾਲ ਟੈਸਟਿੰਗ ਕਰਕੇ ਪਾਜਿਟਿਵ ਮਰੀਜ਼ਾਂ ਨੂੰ ਵੱਖਰਾ ਕਰਨਾ ਹੀ ਇਸਦੀ ਲਾਗ ਨੂੰ ਰੋਕਣ ਦਾ ਇੱਕੋ-ਇੱਕ ਹੱਲ ਹੈ। ਉਨਾਂ ਕਿਹਾ ਕਿ ਰੂਪਨਗਰ ਜ਼ਿਲੇ ‘ਚ ਟੈਸਟਿੰਗ ਟੀਚਾ ਰੋਜ਼ਾਨਾ 1,000 ਮਿੱਥਿਆ ਗਿਆ ਹੈ ਅਤੇ ਇਸ ਨੂੰ ਨਿਯਮਤ ਪੱਧਰ ‘ਤੇ ਵਧਾਇਆ ਜਾ ਰਿਹਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਰੋਨਾਵਾਇਰਸ ਦਾ ਲੱਛਣ ਸਾਹਮਣੇ ਆਉਦਾ ਹੈ ਤਾਂ ਤੁਰੰਤ ਉਸਨੂੰ ਇਸਦੇ ਸੂਚਨਾ ਸਿਹਤ ਵਿਭਾਗ ਦੇ ਸਥਾਨਕ ਕਰਮਚਾਰੀਆਂ ਜਾਂ ਹੈਲਪਲਾਇਨ ਨੰਬਰ 104 ‘ਤੇ ਦੇ ਕੇ ਜਲਦ ਤੋਂ ਜਲਦ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਰੂਪਨਗਰ ਸੁਨਾਲੀ ਗਿਰਿ, ਐਸ.ਐਸ.ਪੀ. ਅਖਿਲ ਚੌਧਰੀ, ਸਿਵਲ ਸਰਜਨ ਐਚ.ਐਨ. ਸ਼ਰਮਾ, ਐਸ.ਡੀ.ਐਮ. ਕਨੂੰ ਗਰਗ, ਡੀ.ਐਸ.ਪੀ. ਰਾਮਿੰਦਰ ਸਿੰਘ ਕਾਹਲੋਂ, ਸ੍ਰੀ ਅਸ਼ਵਨੀ ਸ਼ਰਮਾ ਵੀ ਹਾਜ਼ਰ ਸਨ।

Leave a Reply

Your email address will not be published. Required fields are marked *